ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਗ ਜਤਾਇਆ ਹੈ। ਪੀਐੱਮ ਮੋਦੀ ਨੇ ਉਨ੍ਹਾਂ ਨੂੰ ਜ਼ਮੀਨ ਨਾਲ ਜੁੜਿਆ ਹੋਇਆ ਨੇਤਾ ਕਰਾਰ ਦਿੱਤਾ। ਇਸ ਸਬੰਧੀ ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਮੁਲਾਇਮ ਸਿੰਘ ਯਾਦਵ ਜੀ ਵਿਲੱਖਣ ਸ਼ਖਸੀਅਤ ਦੇ ਮਾਲਕ ਸਨ। ਉਨ੍ਹਾਂ ਨੂੰ ਜ਼ਮੀਨ ਨਾਲ ਜੁੜੇ ਨੇਤਾ ਦੇ ਰੂਪ ਵਿੱਚ ਸਰਾਹਿਆ ਗਿਆ, ਜੋ ਲੋਕਾਂ ਦੀਆਂ ਸਮੱਸਿਆਵਾਂ ਦੇ ਪ੍ਰਤੀ ਸੰਵੇਦਨਸ਼ੀਲ ਸੀ। ਉਨ੍ਹਾਂ ਨੇ ਲਗਨ ਨਾਲ ਲੋਕਾਂ ਦੀ ਸੇਵਾ ਕੀਤੀ ਅਤੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਅਤੇ ਡਾ. ਰਾਮ ਮਨੋਹਰ ਲੋਹਿਆ ਦੇ ਆਦਰਸ਼ਾਂ ਨੂੰ ਲੋਕਪ੍ਰਿਅ ਬਣਾਉਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।”
ਪੀਐੱਮ ਮੋਦੀ ਨੇ ਮੁਲਾਇਮ ਯਾਦਵ ਨੂੰ ਯਾਦ ਕਰਦਿਆਂ ਹੋਇਆਂ ਇੱਕ ਤੋਂ ਬਾਅਦ ਇੱਕ ਤਿੰਨ ਟਵੀਟ ਕੀਤੇ। ਉਨ੍ਹਾਂ ਨੇ ਲਿਖਿਆ, “ਮੁਲਾਇਮ ਸਿੰਘ ਯਾਦਵ ਜੀ ਨੇ ਯੂਪੀ ਅਤੇ ਰਾਸ਼ਟਰੀ ਰਾਜਨੀਤੀ ਵਿੱਚ ਆਪਣੀ ਅਲੱਗ ਪਹਿਚਾਣ ਬਣਾਈ। ਉਹ ਐਮਰਜੈਂਸੀ ਦੌਰਾਨ ਲੋਕਤੰਤਰ ਦੇ ਲਈ ਇੱਕ ਪ੍ਰਮੁੱਖ ਸਿਪਾਹੀ ਸਨ। ਰੱਖਿਆ ਮੰਤਰੀ ਦੇ ਰੂਪ ਵਿੱਚ ਵਿੱਚ ਉਨ੍ਹਾਂ ਨੇ ਇੱਕ ਮਜ਼ਬੂਤ ਭਾਰਤ ਦੇ ਲਈ ਕੰਮ ਕੀਤਾ। ਉਹ ਰਾਸ਼ਟਰੀ ਹਿੱਤ ਨੂੰ ਅੱਗੇ ਵਧਾਉਣ ‘ਤੇ ਜ਼ੋਰ ਦਿੰਦੇ ਸਨ।”
ਇਸ ਤੋਂ ਅੱਗੇ ਪ੍ਰਧਾਨ ਮੰਤਰੀ ਨੇ ਕਿਹਾ,”ਜਦੋਂ ਅਸੀਂ ਆਪਣੇ-ਆਪਣੇ ਰਾਜਾਂ ਦੇ ਮੁੱਖ ਮੰਤਰੀਆਂ ਦੇ ਰੂਪ ਵਿੱਚ ਕੰਮ ਕੀਤਾ ਉਦੋਂ ਮੁਲਾਇਮ ਸਿੰਘ ਯਾਦਵ ਜੀ ਦੇ ਨਾਲ ਮੇਰੀ ਕਈ ਵਾਰ ਗੱਲਬਾਤ ਹੋਈ। ਮੈਂ ਹਮੇਸ਼ਾਂ ਉਨ੍ਹਾਂ ਦੇ ਵਿਚਾਰਾਂ ਨੂੰ ਸੁਣਨ ਦੇ ਲਈ ਉਤਸੁਕ ਰਹਿੰਦਾ ਸੀ। ਉਨ੍ਹਾਂ ਦਾ ਦਿਹਾਂਤ ਮੇਰੇ ਲਈ ਬਹੁਤ ਦੁਖਦਾਇਕ ਹੈ। ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਸਮਰਥਕਾਂ ਦੇ ਪਾਰਟੀ ਮੇਰੀ ਹਮਦਰਦੀ। ਓਮ ਸ਼ਾਂਤੀ।”
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਮੁਲਾਇਮ ਸਿੰਘ ਯਾਦਵ ਨੇ 82 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ।
ਯੂਰਿਨ ਇਨਫੈਕਸ਼ਨ ਦੇ ਚੱਲਦਿਆਂ 26 ਸਤੰਬਰ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅਖਿਲੇਸ਼ ਯਾਦਵ ਨੇ ਸਮਾਜਵਾਦੀ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਮੁਲਾਇਮ ਯਾਦਵ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਲਿਖਿਆ,”ਮੇਰੇ ਪਿਤਾ ਜੀ ਤੇ ਸਭ ਦੇ ਨੇਤਾ ਜੀ ਨਹੀਂ ਰਹੇ।”
ਵੀਡੀਓ ਲਈ ਕਲਿੱਕ ਕਰੋ -: