PM Modi to address last Mann Ki Baat: ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਜਾਰੀ ਕਿਸਾਨ ਅੰਦੋਲਨ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਸਵੇਰੇ 11 ਵਜੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ । ਇਹ ਉਨ੍ਹਾਂ ਦੇ ਰੇਡੀਓ ਪ੍ਰੋਗਰਾਮਾਂ ਦੀ ਸੀਰੀਜ਼ ਦਾ ਇਸ ਸਾਲ ਦਾ ਆਖਰੀ ਪ੍ਰੋਗਰਾਮ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਇਸ ਦੌਰਾਨ ਕਿਸਾਨਾਂ ਅਤੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਗੱਲ ਕਰ ਸਕਦੇ ਹਨ।
ਇੱਕ ਪਾਸੇ ਜਿੱਥੇ ਪੀਐੱਮ ਮੋਦੀ ਨਵੇਂ ਖੇਤੀਬਾੜੀ ਕਾਨੂੰਨਾਂ ‘ਤੇ ਸਰਕਾਰ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਅਤੇ ਉਪਾਅ ਦੀ ਜਾਣਕਾਰੀ ਦੇਣ ਦੇ ਨਾਲ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰ ਸਕਦੇ ਹਨ । ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਪੀਐੱਮ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ ਤਾੜੀਆਂ ਅਤੇ ਥਾਲੀਆਂ ਵਜਾ ਕੇ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ । ਦੱਸ ਦੇਈਏ ਕਿ ਪਿਛਲੇ ਇੱਕ ਮਹੀਨੇ ਤੋਂ ਕਿਸਾਨ ਦਿੱਲੀ ਵਿੱਚ ਸਿੰਘੂ ਬਾਰਡਰ ‘ਤੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
ਦੱਸ ਦੇਈਏ ਕਿ ਪਿਛਲੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਪੀਐੱਮ ਮੋਦੀ ਨੇ ਕਿਸਾਨਾਂ ਬਾਰੇ ਗੱਲ ਕਰਦਿਆਂ ਕਿਹਾ ਸੀ ਕਿ ਭਾਰਤ ਵਿੱਚ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਚੀਜ਼ਾਂ ਵਿੱਚ ਨਵੇਂ ਪਹਿਲੂ ਜੁੜ ਰਹੇ ਹਨ। ਪਿਛਲੇ ਸਮੇਂ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਨੇ ਵੀ ਕਿਸਾਨਾਂ ਲਈ ਨਵੀਆਂ ਸੰਭਾਵਨਾਵਾਂ ਦੇ ਰਾਹ ਖੋਲ੍ਹ ਦਿੱਤੇ ਹਨ । ਇਨ੍ਹਾਂ ਅਧਿਕਾਰਾਂ ਨੇ ਬਹੁਤ ਹੀ ਥੋੜੇ ਸਮੇਂ ਵਿੱਚ ਹੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਸੀ ਕਿ ਬਹੁਤ ਵਿਚਾਰ ਵਟਾਂਦਰੇ ਕਰਨ ਤੋਂ ਬਾਅਦ ਭਾਰਤ ਦੀ ਸੰਸਦ ਨੇ ਖੇਤੀਬਾੜੀ ਸੁਧਾਰਾਂ ਨੂੰ ਕਾਨੂੰਨੀ ਰੂਪ ਦਿੱਤਾ।