Pranab Mukherjee death rumours: ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉਹ ਲਗਾਤਾਰ ਵੈਂਟੀਲੇਟਰ ਸਪੋਰਟ ‘ਤੇ ਹਨ। ਇਸ ਵਿਚਾਲੇ ਉਨ੍ਹਾਂ ਦੀ ਮੌਤ ਦੀਆਂ ਅਫਵਾਹਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਫੈਲ ਰਹੀਆਂ ਹਨ । ਪ੍ਰਣਬ ਮੁਖਰਜੀ ਦੀ ਮੌਤ ਦੀ ਅਫਵਾਹ ਟਵਿੱਟਰ ‘ਤੇ ਟ੍ਰੈਂਡ ਹੋ ਰਹੀ ਹੈ । ਪਰ ਪਰਿਵਾਰ ਅਤੇ ਹਸਪਤਾਲ ਵੱਲੋਂ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਪ੍ਰਣਬ ਮੁਖਰਜੀ ਅਜੇ ਵੀ ਜਿੰਦਾ ਹਨ ਅਤੇ ਉਹ ਵੈਂਟੀਲੇਟਰ ‘ਤੇ ਹਨ।
ਸਾਬਕਾ ਰਾਸ਼ਟਰਪਤੀ ਦੀ ਧੀ ਅਤੇ ਕਾਂਗਰਸ ਨੇਤਾ ਸ਼ਰਮੀਸ਼ਠਾ ਮੁਖਰਜੀ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਬਾਰੇ ਜੋ ਅਫਵਾਹ ਉਡਾਈ ਜਾ ਰਹੀ ਹੈ, ਉਹ ਝੂਠ ਹੈ। ਉਨ੍ਹਾਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਫੋਨ ਨਾ ਕਰਨ । ਸ਼ਰਮੀਸ਼ਠਾ ਨੇ ਇਹ ਵੀ ਕਿਹਾ ਕਿ ਉਹ ਆਪਣਾ ਮੋਬਾਈਲ ਫ੍ਰੀ ਰੱਖਣਾ ਚਾਹੁੰਦੀ ਹੈ, ਤਾਂ ਜੋ ਉਨ੍ਹਾਂ ਨੂੰ ਹਸਪਤਾਲ ਤੋਂ ਆਪਣੇ ਪਿਤਾ ਦੀ ਸਿਹਤ ਬਾਰੇ ਜਾਣਕਾਰੀ ਮਿਲਦੀ ਰਹੇ ।
ਇਸ ਸਬੰਧੀ ਫੌਜ ਦੇ ਹਸਪਤਾਲ ਵੱਲੋਂ ਅੱਜ ਜਾਰੀ ਕੀਤੇ ਗਏ ਤਾਜ਼ਾ ਮੈਡੀਕਲ ਬੁਲੇਟਿਨ ਦੇ ਅਨੁਸਾਰ ਉਨ੍ਹਾਂ ਦੀ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ ‘ਤੇ ਹਨ। ਫੌਜ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਆਪਣੇ ਤਾਜ਼ਾ ਮੈਡੀਕਲ ਬੁਲੇਟਿਨ ਵਿੱਚ ਕਿਹਾ ਸਵੇਰ ਤੋਂ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਥਿਤੀ ਵਿੱਚ ਕੋਈ ਤਬਦੀਲੀ ਨਹੀਂ ਦੇਖੀ ਗਈ ਹੈ। ਉਹ ਕੋਮਾ ਵਰਗੀ ਸਥਿਤੀ ਵਿੱਚ ਹਨ। ਉਨ੍ਹਾਂ ਨੂੰ ਲਗਾਤਾਰ ਵੈਂਟੀਲੇਟਰ ‘ਤੇ ਰੱਖਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਮੁਖਰਜੀ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਰਮੀ ਦੇ ਆਰ ਐਂਡ ਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸਾਬਕਾ ਰਾਸ਼ਟਰਪਤੀ ਦੇ ਦਿਮਾਗ ਵਿਚੋਂ ਖੂਨ ਦੇ ਧੱਬੇ ਹਟਾਉਣ ਲਈ ਦਿਮਾਗ ਦੀ ਸਰਜਰੀ ਕੀਤੀ ਗਈ ਸੀ, ਜੋ ਸਫਲ ਰਹੀ। ਸਰਜਰੀ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ, ਜਿੱਥੇ ਹਾਲੇ ਵੀ ਉਨ੍ਹਾਂ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ ।