Pranab Mukherjee health declines: ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਵਿੱਚ ਗਿਰਾਵਟ ਆ ਰਹੀ ਹੈ। ਹਸਪਤਾਲ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਸਿਹਤ ਬੁਲੇਟਿਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਪ੍ਰਣਬ ਮੁਖਰਜੀ ਦੇ ਫੇਫੜਿਆਂ ਵਿੱਚ ਹੁਣ ਇਨਫੈਕਸ਼ਨ ਦੇ ਲੱਛਣ ਦਿਖਾਈ ਦੇ ਰਹੇ ਹਨ। ਉਨ੍ਹਾਂ ਦਾ ਇਲਾਜ ਲਗਾਤਾਰ ਵੈਂਟੀਲੇਟਰ ‘ਤੇ ਹੋ ਰਿਹਾ ਹੈ। ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।
ਦੱਸ ਦੇਈਏ ਕਿ 84 ਸਾਲਾਂ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ 10 ਅਗਸਤ ਨੂੰ ਦਿੱਲੀ ਛਾਉਣੀ ਦੇ ਮਿਲਟਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦਿਮਾਗ ਵਿੱਚ ਖੂਨ ਦੇ ਧੱਬਿਆਂ ਨੂੰ ਦੂਰ ਕਰਨ ਲਈ ਉਨ੍ਹਾਂ ਦਾ ਆਪ੍ਰੇਸ਼ਨ ਕੀਤਾ ਗਿਆ ਅਤੇ ਉਦੋਂ ਤੋਂ ਹੀ ਉਹ ਕੋਮਾ ਵਿੱਚ ਹਨ। ਉਨ੍ਹਾਂ ਦੇ ਕੋਰੋਨਾ ਵਾਇਰਸ ਤੋਂ ਵੀ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।ਮੰਗਲਵਾਰ ਨੂੰ ਹਸਪਤਾਲ ਵੱਲੋਂ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਪ੍ਰਣਬ ਮੁਖਰਜੀ ਦੀ ਸਿਹਤ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ। ਉਹ ਅਜੇ ਵੀ ਵੈਂਟੀਲੇਟਰ ‘ਤੇ ਹਨ ਅਤੇ ਉਸ ਦੇ ਪ੍ਰਮੁੱਖ ਅੰਗਾਂ ਦੀ ਸਥਿਤੀ ਸਥਿਰ ਹੈ।