president kovind on international yoga day: ਨਵੀਂ ਦਿੱਲੀ: ਅੱਜ ਯਾਨੀ ਕਿ 21 ਜੂਨ ਨੂੰ ਪੂਰੇ ਦੇਸ਼ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਾਰੇ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਤੋਂ ਇਲਾਵਾ ਹੁਣ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਵਧਾਈ ਦਿੱਤੀ ਹੈ। ਇਸ ਸਬੰਧੀ ਰਾਸ਼ਟਰਪਤੀ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਸਾਰਿਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਮੁਬਾਰਕਾਂ ! ਪ੍ਰਾਚੀਨ ਯੋਗ ਵਿਗਿਆਨ ਮਨੁੱਖਤਾ ਨੂੰ ਭਾਰਤ ਦਾ ਅਨਮੋਲ ਤੋਹਫ਼ਾ ਹੈ।
ਇਸ ਤੋਂ ਅੱਗੇ ਉਨ੍ਹਾਂ ਲਿਖਿਆ ਕਿ ਮੈਨੂੰ ਖੁਸ਼ੀ ਹੈ ਕਿ ਵੱਧ ਤੋਂ ਵੱਧ ਲੋਕ ਜੀਵਨ ਵਿੱਚ ਯੋਗ ਅਪਣਾ ਰਹੇ ਹਨ। ਸੰਘਰਸ਼ ਅਤੇ ਤਣਾਅ ਦੇ ਵਿਚਕਾਰ ਖ਼ਾਸਕਰ ਕੋਵਿਡ-19 ਦੇ ਇਸ ਦੌਰ ਵਿੱਚ ਸਰੀਰ ਨੂੰ ਸਿਹਤਮੰਦ ਤੇ ਮਨ ਨੂੰ ਸ਼ਾਂਤ ਰੱਖਣ ਵਿੱਚ ਯੋਗ ਅਭਿਆਸ ਸਹਾਇਤਾ ਕਰੇਗਾ।
ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦੇ ਵਿਚਕਾਰ ਅੰਤਰਰਾਸ਼ਟਰੀ ਯੋਗ ਦਿਵਸ ਇਸ ਸਾਲ ਡਿਜੀਟਲ ਮੀਡੀਆ ਰਾਹੀਂ ਮਨਾਇਆ ਜਾ ਰਿਹਾ ਹੈ। ਛੇਵੇਂ ਕੌਮਾਂਤਰੀ ਯੋਗ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵੀਡੀਓ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਇਸ ਦਿਨ ਨੂੰ ਆਪਣੇ ਘਰਾਂ ਵਿੱਚ ਮਨਾਉਣ। ਇਸ ਤੋਂ ਇਲਾਵਾ ਪੀਐਮ ਮੋਦੀ ਨੇ ਕਿਹਾ ਕਿ ਇਹ ਸਮਾਂ ਦੂਰੀ ਬਣਾਈ ਰੱਖਣ ਦਾ ਹੈ । ਪਰ ਕੀ ਤੁਸੀਂ ਜਾਣਦੇ ਹੋ ਕਿ ਯੋਗ ਦੂਰੀ ਨੂੰ ਖਤਮ ਕਰਦਾ ਹੈ? ਯੋਗ ਚੀਜ਼ਾਂ ਨੂੰ ਜੋੜਦਾ ਹੈ ਜਾਂ ਇੱਕ ਨਾਲ ਲਿਆਉਂਦਾ ਹੈ। ਉਨ੍ਹਾਂ ਕਿਹਾ ਕਿ ਯੋਗ ਮਨ ਅਤੇ ਸਰੀਰ ਵਿਚਲੀ ਦੂਰੀ ਨੂੰ ਖਤਮ ਕਰਦਾ ਹੈ, ਜੋ ਕਿ ਬਹੁਤ ਸਾਰੀਆਂ ਮੁਸ਼ਕਲਾਂ ਦੀ ਜੜ੍ਹ ਹੈ।