Priyanka gandhi address kishan panchyat : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਪੂਰੇ ਦੇਸ਼ ਦੇ ਵਿੱਚ ਕਿਸਾਨਾਂ ਵਲੋਂ ਇਨ੍ਹਾਂ ਕਾਨੂੰਨਾਂ ਦਾ ਨਿਰੰਤਰ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿੱਛਲੇ 87 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਇਸ ਦੇ ਨਾਲ-ਨਾਲ ਹੁਣ ਕਿਸਾਨਾਂ ਵਲੋਂ ਲੋਕਾਂ ਨੂੰ ਲਾਮਬੰਦ ਕਰਨ ਲਈ ਵੱਖ-ਵੱਖ ਖੇਤਰਾਂ ਵਿੱਚ ਮਹਾਂਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਹੁਣ ਕਾਂਗਰਸ ਪਾਰਟੀ ਵਲੋਂ ਵੀ ਕਿਸਾਨਾਂ ਦੇ ਸਮਰਥਨ ਵਿੱਚ ਮਹਾਂਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਦੀ ਜਨਰਲ ਸੈਕਟਰੀ ਅਤੇ ਉੱਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਯੰਕਾ ਗਾਂਧੀ ਅੱਜ ਮੁਜ਼ੱਫਰਨਗਰ ਵਿੱਚ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰੇਗੀ।
ਪ੍ਰਿਯੰਕਾ ਗਾਂਧੀ ਬਘਰਾ ਦੇ ਦੇਵ ਕਾਲਜ ਵਿਖੇ ਕਿਸਾਨ ਪੰਚਾਇਤ ਨੂੰ ਸੰਬੋਧਨ ਕਰਨਗੇ। ਪ੍ਰਿਯੰਕਾ ਗਾਂਧੀ ਦੇ ਨਾਲ ਮੁਜ਼ੱਫਰਨਗਰ ਵਿੱਚ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਜੈ ਕੁਮਾਰ ਲੱਲੂ ਵੀ ਮੌਜੂਦ ਰਹਿਣਗੇ। ਹਾਲਾਂਕਿ, ਪ੍ਰਿਯੰਕਾ ਗਾਂਧੀ ਮਥੁਰਾ ਵਿੱਚ ਕਿਸਾਨ ਪੰਚਾਇਤ ਵਿੱਚ ਸ਼ਾਮਿਲ ਹੋਣ ਵਾਲੀ ਸੀ, ਪਰ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਕੈਪਟਨ ਸਤੀਸ਼ ਸ਼ਰਮਾ ਦੀ ਮੌਤ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ। ਹੁਣ 23 ਫਰਵਰੀ ਨੂੰ ਮਥੁਰਾ ਵਿੱਚ ਕਿਸਾਨ ਮਹਾਪੰਚਾਇਤ ਹੋਵੇਗੀ। ਇਸ ਤੋਂ ਪਹਿਲਾ ਪ੍ਰਿਅੰਕਾ ਗਾਂਧੀ ਨੇ ਸਹਾਰਨਪੁਰ ਅਤੇ ਬਿਜਨੌਰ ਵਿੱਚ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਿਤ ਕੀਤਾ ਸੀ।