ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਬੰਦ ਦਾ ਐਲਾਨ ਕੀਤਾ ਗਿਆ ਹੈ। ਵਿਰੋਧੀ ਪਾਰਟੀਆਂ ਵੱਲੋਂ ਵੀ ਕਿਸਾਨਾਂ ਦੇ ਇਸ ਸੱਦੇ ਨੂੰ ਸਮਰਥਨ ਮਿਲ ਰਿਹਾ ਹੈ। ਇਸੇ ਵਿਚਾਲੇ ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਯੰਕਾ ਗਾਂਧੀ ਨੇ ਵੀ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ ।
ਦਰਅਸਲ, ਪ੍ਰਿਯੰਕਾ ਗਾਂਧੀ ਨੇ ਕਿਸਾਨਾਂ ਦਾ ਸਮਰਥਨ ਕਰਦਿਆਂ ਇੱਕ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, “ਖੇਤ ਕਿਸਾਨ ਦਾ, ਮਿਹਨਤ ਕਿਸਾਨ ਦੀ, ਫਸਲ ਕਿਸਾਨ ਦੀ ਪਰ ਭਾਜਪਾ ਸਰਕਾਰ ਇਨ੍ਹਾਂ ‘ਤੇ ਆਪਣੇ ਖਰਬਪਤੀ ਦੋਸਤਾਂ ਦਾ ਕਬਜ਼ਾ ਜਮਾਉਣ ਲਈ ਉਤਸੁਕ ਹੈ।” ਉਨ੍ਹਾਂ ਕਿਹਾ ਕਿ ਪੂਰਾ ਭਾਰਤ ਕਿਸਾਨਾਂ ਦੇ ਨਾਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਵੀ ਕਿਹਾ।
ਉੱਥੇ ਹੀ ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਹ ਉਦੋਂ ਤੱਕ ਅੰਦੋਲਨ ਖਤਮ ਨਹੀਂ ਕਰਨਗੇ ਜਦੋਂ ਤੱਕ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ, ਫ਼ਾਇਰ ਬ੍ਰਿਗੇਡ, ਹਸਪਤਾਲ ਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਛੋਟ ਦਿੱਤੀ ਗਈ ਹੈ ।