Punjab farmer died: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 47ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਕਿਸਾਨਾਂ ‘ਤੇ ਠੰਡ ਵੀ ਭਾਰੀ ਪੈ ਰਹੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ। ਇਸੇ ਤਰਾਂ ਦੀ ਇੱਕ ਮੰਦਭਾਗੀ ਖਬਰ ਟਿਕਰੀ ਬਾਰਡਰ ਤੋਂ ਆਈ ਹੈ, ਜਿੱਥੇ ਸੋਮਵਾਰ ਨੂੰ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਹਰਿਆਣਾ ਦੇ ਬਹਾਦੁਰਗੜ੍ਹ ਜ਼ਿਲ੍ਹੇ ਵਿੱਚ ਟਿਕਰੀ ਬਾਰਡਰ ‘ਤੇ ਅੰਦੋਲਨ ਵਿੱਚ ਸ਼ਾਮਿਲ ਸੀ। ਇਸ ਮਾਮਲੇ ਵਿੱਚ ਮ੍ਰਿਤਕ ਕਿਸਾਨ ਦੀ ਪਹਿਚਾਣ 60 ਸਾਲਾਂ ਜਗਦੀਸ਼ ਦੇ ਰੂਪ ਵਿੱਚ ਹੋਈ ਹੈ। ਉਹ ਪੰਜਾਬ ਦੇ ਮੁਕਤਸਰ ਸਾਹਿਬ ਦੇ ਲੁਡੇਵਾਲਾ ਪਿੰਡ ਦਾ ਰਹਿਣ ਵਾਲਾ ਸੀ। ਉਹ ਬਹਾਦੁਰਗੜ੍ਹ ਬਾਈਪਾਸ ‘ਤੇ ਪਿੰਡ ਵਾਲਿਆਂ ਨਾਲ ਟਰਾਲੀ ਵਿੱਚ ਰਹਿ ਰਿਹਾ ਸੀ।
ਮਿਲੀ ਜਾਣਕਾਰੀ ਅਨੁਸਾਰ ਤਬੀਅਤ ਵਿਗੜਨ ‘ਤੇ ਜਗਦੀਸ਼ ਨੂੰ ਘਰ ਲਿਆਉਂਦਾ ਗਿਆ ਸੀ। ਪਰਿਵਾਰ ਨੇ ਇਲਾਜ ਲਈ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਸੀ, ਪਰ ਇਲਾਜ ਦੌਰਾਨ ਕਿਸਾਨ ਨੇ ਦਮ ਤੋੜ ਦਿੱਤਾ। ਦੱਸ ਦੇਈਏ ਕਿ ਹੁਣ ਤੱਕ ਕਿਸਾਨ ਅੰਦੋਲਨ ਵਿੱਚ 60 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।