Punjab-Haryana border closed: ਨਵੀਂ ਦਿੱਲੀ: ਪੰਜਾਬ ਅਤੇ ਹਰਿਆਣਾ ਖੇਤੀਬਾੜੀ ਬਿੱਲ ਪ੍ਰਤੀ ਬਹੁਤ ਨਾਰਾਜ਼ ਹਨ ਅਤੇ ਅੱਜ ਪ੍ਰਸ਼ਾਸਨ ਭਾਰਤ ਬੰਦ ਦੇ ਮੱਦੇਨਜ਼ਰ ਸਾਰੀ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਪੰਜਾਬ-ਹਰਿਆਣਾ ਸਰਹੱਦ ਨੂੰ ਬੰਦ ਕਰ ਦਿੱਤਾ ਗਿਆ ਹੈ। ਕਿਸੇ ਵੀ ਵਾਹਨ ਨੂੰ ਪੰਜਾਬ ਜਾਣ ਦੀ ਆਗਿਆ ਨਹੀਂ ਹੈ। ਗੱਡੀਆਂ ਵਾਪਿਸ ਭੇਜੀਆਂ ਜਾ ਰਹੀਆਂ ਹਨ। ਸ਼ੰਭੂ ਬਾਰਡਰ ਟੋਲ ਟੈਕਸ ‘ਤੇ ਬੈਰੀਕੇਡ ਲਗਾ ਕੇ ਰਸਤੇ ਨੂੰ ਬੰਦ ਕਰ ਦਿੱਤਾ ਗਿਆ ਹੈ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਈ ਸਰਹੱਦ ਨੂੰ ਬੰਦ ਕੀਤਾ ਗਿਆ ਹੈ। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਦੋਵਾਂ ਰਾਜਾਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਪੰਜਾਬ–ਹਰਿਆਣਾ ਦੇ ਬਹੁਤੇ ਵੱਡੇ ਸ਼ਹਿਰਾਂ ਦੇ ਦੁਕਾਨਦਾਰਾਂ ਨੇ ਕਿਸਾਨਾਂ ਨਾਲ ਏਕਤਾ ਦਾ ਪ੍ਰਗਟਾਵਾ ਕਰਦਿਆਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਹਨ। ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਨੇ ਸਾਂਝੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਕਿਸਾਨਾਂ ਦੇ ਬਿੱਲ ਵਿਰੁੱਧ ਤਿੰਨ ਦਿਨਾਂ ‘ਰੇਲ ਰੋਕੋ’ ਮੁਹਿੰਮ ਨੂੰ ਸ਼ੁਰੂ ਕਰਨ ਤੋਂ ਬਾਅਦ ਵੀਰਵਾਰ ਤੋਂ ਕਈ ਰੇਲ ਗੱਡੀਆਂ ਦੇ ਸੰਚਾਲਨ ਨੂੰ ਰੋਕ ਦਿੱਤਾ ਗਿਆ ਹੈ। ਇੱਕ ਰੇਲਵੇ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਰੇਲ ਗੱਡੀਆਂ ਦੇ ਸੰਚਾਲਨ ਨੂੰ 26 ਸਤੰਬਰ ਤੱਕ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ।