ਦੇਸ਼ ਦੇ ਕਈ ਰਾਜਾਂ ਵਿੱਚ ਇਨੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ । ਇਸ ਦੇ ਨਾਲ ਹੀ ਸੰਘਣੀ ਧੁੰਦ ਦਾ ਪ੍ਰਕੋਪ ਵੀ ਜਾਰੀ ਹੈ। ਇਸੇ ਵਿਚਾਲੇ ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਣੇ ਕਈ ਰਾਜਾਂ ਵਿੱਚ ਹੋਰ ਜ਼ਿਆਦਾ ਠੰਡ ਪੈਣ ਦੀ ਭਵਿੱਖਬਾਣੀ ਕੀਤੀ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹਾਲੇ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹੇਗੀ ।
ਮੌਸਮ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ 18 ਜਨਵਰੀ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਬਿਆਨ ਵਿੱਚ ਕਿਹਾ ਗਿਆ ਹੈ ਕਿ ਰਾਜਸਥਾਨ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਅਗਲੇ ਦੋ ਦਿਨਾਂ ਦੌਰਾਨ ਰਾਤ ਅਤੇ ਸਵੇਰ ਦੇ ਸਮੇਂ ਦੌਰਾਨ ਅਲੱਗ-ਥਲੱਗ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਅਤੇ 16-17 ਜਨਵਰੀ ਨੂੰ ਜੰਮੂ ਡਿਵੀਜ਼ਨ ਅਤੇ ਹਿਮਾਚਲ ਪ੍ਰਦੇਸ਼ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।
ਇਹ ਵੀ ਪੜ੍ਹੋ: ਅਕਾਲੀ ਦਲ ਦਾ ‘ਆਪ’ ‘ਤੇ ਹਮਲਾ, ਕਿਹਾ ‘ਕੇਜਰੀਵਾਲ ਕੋਲ ਕੈਪਟਨ ਸਾਹਿਬ ਵਾਲਾ ਸਮਾਰਟ ਫੋਨ ਲੱਗਦੈ’
ਦੱਸ ਦੇਈਏ ਕਿ ਆਈਐਮਡੀ ਨੇ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਠੰਡ ਤੋਂ ਲੈ ਕੇ ਗੰਭੀਰ ਠੰਡ ਦੀ ਸੰਭਾਵਨਾ ਹੈ । ਵਿਭਾਗ ਅਨੁਸਾਰ ਅਗਲੇ 3 ਦਿਨਾਂ ਦੌਰਾਨ ਪੂਰਬੀ ਉੱਤਰ ਪ੍ਰਦੇਸ਼ ਵਿੱਚ ਠੰਢ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ-ਐਨਸੀਆਰ ਵਿੱਚ ਪੱਛਮੀ ਗੜਬੜੀ ਦੀ ਗਤੀਵਿਧੀ ਕਾਰਨ 21 ਅਤੇ 22 ਜਨਵਰੀ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ 22 ਜਨਵਰੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਫਿਲਹਾਲ ਦਿੱਲੀ-ਐੱਨਸੀਆਰ ‘ਚ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: