Rahul gandhi march president meeting : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੋਧਾਂ ਦੇ ਲਈ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਦੇ ਤਾਜ਼ਾ ਸੋਧਾਂ ਦੇ ਪ੍ਰਸਤਾਵ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਗੱਲਬਾਤ ਦੇ ਟੇਬਲ ’ਤੇ ਆਵੇ, ਅਤੇ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲਏ। ਦੂਜੇ ਪਾਸੇ ਕਿਸਾਨਾਂ ਦੇ ਮੁੱਦੇ ‘ਤੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਰੋਧੀ ਧਿਰ ਮਾਰਚ ਕੱਢਣ ਜਾ ਰਿਹਾ ਹੈ।
ਕਾਂਗਰਸ ਪਾਰਟੀ ਵੱਲੋਂ ਅੱਜ ਕੱਢੇ ਜਾਣ ਵਾਲੇ ਮਾਰਚ ਨੂੰ ਕੋਈ ਇਜਾਜ਼ਤ ਨਹੀਂ ਮਿਲੀ ਹੈ। ਹਾਲਾਂਕਿ, ਰਾਹੁਲ ਗਾਂਧੀ ਸਮੇਤ ਤਿੰਨ ਨੇਤਾ ਰਾਸ਼ਟਰਪਤੀ ਭਵਨ ਜਾ ਸਕਣਗੇ। ਇਸਦੇ ਨਾਲ ਹੀ ਨਵੀਂ ਦਿੱਲੀ ਖੇਤਰ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ ਅਤੇ ਰਾਸ਼ਟਰਪਤੀ ਭਵਨ ਨੇੜੇ ਸੁਰੱਖਿਆ ਵਧਾ ਦਿੱਤੀ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਸਰਕਾਰ ਦਾ ਘਿਰਾਓ ਕੀਤਾ ਹੈ। ਰਾਹੁਲ ਨੇ ਲਿਖਿਆ ਕਿ ਭਾਰਤ ਦੇ ਕਿਸਾਨ ਅਜਿਹੇ ਦੁਖਾਂਤ ਤੋਂ ਬਚਣ ਲਈ ਖੇਤੀਬਾੜੀ ਵਿਰੋਧੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ, ਇਸ ਸੱਤਿਆਗ੍ਰਹਿ ਵਿੱਚ, ਸਾਨੂੰ ਸਾਰਿਆਂ ਨੂੰ ਦੇਸ਼ ਦੇ ਅੰਨਦਾਤਾ ਦਾ ਸਮਰਥਨ ਕਰਨਾ ਚਾਹੀਦਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਵਿਰੋਧੀ ਧਿਰ ਦੇ ਕਈ ਹੋਰ ਨੇਤਾ ਵੀ ਜਾਣਗੇ। ਇਸੇ ਸਮੇ ਲੱਗਭਗ ਦੋ ਕਰੋੜ ਕਿਸਾਨਾਂ ਦੇ ਦਸਤਖਤ ਵਾਲਾ ਇੱਕ ਪੱਤਰ ਵੀ ਰਾਸ਼ਟਰਪਤੀ ਨੂੰ ਸੌਂਪਿਆ ਜਾਵੇਗਾ, ਜਿਸ ਰਾਹੀਂ ਕਾਨੂੰਨ ਵਾਪਿਸ ਕਰਨ ਦੀ ਅਪੀਲ ਕੀਤੀ ਜਾਵੇਗੀ।