ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਜਾਰੀ ਹੈ। ਇਸੇ ਵਿਚਾਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਇੱਕ ਵਾਰ ਫਿਰ ਕਿਸਾਨਾਂ ਦਾ ਸਮਰਥਨ ਕੀਤਾ ਗਿਆ ਹੈ ।
ਰਾਹੁਲ ਗਾਂਧੀ ਨੇ ਐਤਵਾਰ ਨੂੰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ 200 ਦਿਨਾਂ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਵਧਾਇਆ ਅਤੇ ਦੋਸ਼ ਲਾਇਆ “ਵੱਡਾ ਸੰਕਟ ਖੜ੍ਹਾ ਹੋਣ ਦੇ ਬਾਵਜੂਦ ਸਰਕਾਰੀ ਨੀਤੀਆਂ ਅਸਫਲ ਨਜ਼ਰ ਆਉਂਦੀਆਂ ਹਨ।”
ਦਰਅਸਲ, ਰਾਹੁਲ ਗਾਂਧੀ ਨੇ ਇੰਸਟਾਗ੍ਰਾਮ ‘ਤੇ ਕਿਹਾ, “ਪਿਛਲੇ 200 ਤੋਂ ਵੱਧ ਦਿਨਾਂ ਤੋਂ ਕਿਸਾਨ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪਣੀ ਰੋਜ਼ੀ-ਰੋਟੀ ਨੂੰ ਬਚਾਉਣ ਦੀ ਮੰਗ ਚੁੱਕ ਰਹੇ ਹਨ । ਖੇਤੀ ਵਿੱਚ ਆਉਣ ਵਾਲੀ ਲਾਗਤ ਇਸ ਤੋਂ ਹੋਣ ਵਾਲੀ ਆਮਦਨੀ ਨਾਲੋਂ ਬਹੁਤ ਜ਼ਿਆਦਾ ਵੱਧ ਗਈ ਹੈ। ਹਾਲਾਂਕਿ, ਵੱਡਾ ਸੰਕਟ ਖੜ੍ਹਾ ਹੋਣ ਦੇ ਬਾਵਜੂਦ ਸਰਕਾਰੀ ਨੀਤੀਆਂ ਅਸਫਲ ਨਜ਼ਰ ਆਉਂਦੀ ਹੈ।”
ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਮੁਸ਼ਕਿਲ ਵਿੱਚ ਹੋਣ ਦਾ ਦਾਅਵਾ ਕਰਦਿਆਂ ਆਪਣੇ ਸੰਸਦੀ ਹਲਕੇ ਵਾਯਨਾਡ ਵਿੱਚ ਕਾਫੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੀ ਦੋ ਮਿੰਟਾਂ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ।
ਗੌਰਤਲਬ ਹੈ ਕਿ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਲਗਾਤਾਰ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਲਈ ਇਨ੍ਹਾਂ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਅਤੇ ਇੱਕ ਨਵਾਂ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ।