ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਦੇ ਅਚਾਨਕ ਵਧਣ ਨਾਲ ਭੜਕੀ ਹਿੰਸਾ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਇੱਕ ਵਾਰ ਫਿਰ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਦੋਸ਼ ਲਗਾਉਂਦਿਆਂ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਨੇ ਗ੍ਰਹਿ ,ਮੰਤਰੀ ਅਮਿਤ ਸ਼ਾਹ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਲੋਕਾਂ ਦੇ ਜੀਵਨ ਵਿੱਚ ਨਫ਼ਰਤ ਅਤੇ ਅਵਿਸ਼ਵਾਸ ਦਾ ਬੀਜ ਲਗਾ ਕੇ ਉਨ੍ਹਾਂ ਨੇ ਇੱਕ ਵਾਰ ਫਿਰ ਦੇਸ਼ ਨੂੰ ਨਿਰਾਸ਼ ਕੀਤਾ ਹੈ ।
ਦਰਅਸਲ, ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਸ ਵੀਡੀਓ ਨੂੰ ਸਾਂਝੀ ਕਰਦਿਆਂ ਲਿਖਿਆ,”ਜੋ ਲੋਕ ਮਾਰੇ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ । ਮੈਂ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।”
ਦੱਸ ਦੇਈਏ ਕਿ ਬੀਤੇ ਦਿਨ ਅਸਾਮ ਅਤੇ ਮਿਜ਼ੋਰਮ ਵਿਚਾਲੇ ਸਰਹੱਦੀ ਵਿਵਾਦ ਅਚਾਨਕ ਵਧਣ ਦੌਰਾਨ ਹੋਈ ਹਿੰਸਕ ਝੜਪ ਵਿੱਚ ਅਸਾਮ ਪੁਲਿਸ ਦੇ 6 ਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ ਪੁਲਿਸ ਸੁਪਰਡੈਂਟ ਸਣੇ 60 ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਦੋਵੇਂ ਸੂਬਿਆਂ ਨੇ ਇੱਕ ਦੂਜੇ ਦੀ ਪੁਲਿਸ ਨੂੰ ਹਿੰਸਾ ਲਈ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕੇਂਦਰ ਦੀ ਦਖਲ ਦੀ ਮੰਗ ਕੀਤੀ ਹੈ ।