ਦੇਸ਼ ਵਿੱਚ ਲਗਾਤਾਰ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਨਾਲ-ਨਾਲ ਖਾਣਾ ਬਣਾਉਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੇ ਵੀ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ । ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ ।
ਦਰਅਸਲ, ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਇੱਕ ਖਬਰ ਵੀ ਸਾਂਝੀ ਕੀਤੀ ਹੈ, ਜਿਸ ਦੇ ਅਨੁਸਾਰ ਤੇਲ ਦੀਆਂ ਕੀਮਤਾਂ ਵਧੀਆਂ ਹਨ ਅਤੇ ਲੋਕਾਂ ਲਈ ਖਾਣ ਪੀਣ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ।
ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਲਿਖਿਆ, “ਖਾਧਾ ਵੀ, ‘ਦੋਸਤਾਂ’ ਨੂੰ ਖਵਾਇਆ ਵੀ – ਸਿਰਫ ਲੋਕਾਂ ਨੂੰ ਖਾਣ ਨਹੀਂ ਦੇ ਰਹੇ #PriceHike”। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਪਿਛਲੇ ਕੁਝ ਹਫ਼ਤਿਆਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਮੁੱਦਾ ਚੁੱਕ ਰਹੀ ਸੀ। ਇਸ ਤੋਂ ਇਲਾਵਾ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ ।
ਦੱਸ ਦੇਈਏ ਕਿ ਬਹੁਤ ਸਾਰੇ ਰਾਜਾਂ ਵਿੱਚ ਪਿਛਲੇ ਦਿਨਾਂ ਵਿੱਚ ਕਾਂਗਰਸ ਦੇ ਨੇਤਾਵਾਂ ਅਤੇ ਵਰਕਰਾਂ ਨੇ ਪਿਛਲੇ ਸਮੇਂ ਵਿੱਚ ਮਹਿੰਗਾਈ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਅਜੇ ਖਤਮ ਨਹੀਂ ਹੋਇਆ ਹੈ ਅਤੇ ਇਸ ਵਿਚਾਲੇ ਆਮ ਲੋਕਾਂ ਲਈ ਇੱਕ ਹੋਰ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ। ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦੀਆਂ ਜੇਬਾਂ ਢਿੱਲੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।