Rahul support nationwide bank strike : ਬੈਂਕਾਂ ਦੀ ਹੜਤਾਲ ਦੇ ਸੰਬੰਧ ਵਿੱਚ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਖਿਲਾਫ ਹਮਲਾਵਰ ਰੁਖ ਅਪਣਾਇਆ ਹੈ। ਮੰਗਲਵਾਰ ਨੂੰ ਟਵਿੱਟਰ ਜ਼ਰੀਏ ਰਾਹੁਲ ਗਾਂਧੀ ਨੇ ਟਵੀਟ ਕਰਕੇ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ, “ਕੇਂਦਰ ਸਰਕਾਰ ਮੁਨਾਫਿਆਂ ਦਾ ਨਿੱਜੀਕਰਨ ਕਰ ਰਹੀ ਹੈ ਅਤੇ ਘਾਟੇ ਦਾ ਕੌਮੀਕਰਨ ਕਰ ਰਹੀ ਹੈ। ਕ੍ਰੋਨੀ ਦੇ ਹੱਥਾਂ ਵਿੱਚ ਜਨਤਕ ਖੇਤਰ ਦੇ ਬੈਂਕਾਂ ਨੂੰ ਵੇਚਣਾ ਭਾਰਤ ਦੀ ਵਿੱਤੀ ਸੁਰੱਖਿਆ ਨਾਲ ਇੱਕ ਸਮਝੌਤਾ ਹੋਵੇਗਾ।” ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਬੈਂਕਰਾਂ ਦੀ ਹੜਤਾਲ ਵਿੱਚ ਉਨ੍ਹਾਂ ਦੇ ਨਾਲ ਖੜ੍ਹਾਹਾਂ। ਦੱਸ ਦੇਈਏ ਕਿ ਅੱਜ ਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਦੂਜਾ ਦਿਨ ਹੈ।
ਇਸ ਤੋਂ ਪਹਿਲਾਂ, ਕਾਂਗਰਸ ਨੇ ਜਨਤਕ ਖੇਤਰ ਦੇ ਦੋ ਹੋਰ ਬੈਂਕਾਂ ਦੇ ਨਿੱਜੀਕਰਨ ਦੇ ਪ੍ਰਸਤਾਵ ਦੇ ਵਿਰੋਧ ਵਿੱਚ ਜਨਤਕ ਖੇਤਰ ਦੇ ਬੈਂਕਾਂ ਦੀ ਹੜਤਾਲ ਦਾ ਸਮਰਥਨ ਕੀਤਾ ਸੀ। ਕਾਂਗਰਸ ਨੇ ਦੋਸ਼ ਲਾਇਆ ਕਿ ਸਰਕਾਰ ਵਿਨਿਵੇਸ਼ ਨਾਲ ਜੁੜੇ ਟੀਚੇ ਨੂੰ ਬੈਂਕਾਂ ਨੂੰ ਵੇਚ ਕੇ ਹਾਸਿਲ ਕਰਨਾ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਜਨਤਕ ਖੇਤਰ ਦੇ ਦੋ ਹੋਰ ਬੈਂਕਾਂ ਨੂੰ ਨਿੱਜੀ ਬਣਾਉਣ ਦੇ ਪ੍ਰਸਤਾਵ ਦੇ ਵਿਰੋਧ ਵਿੱਚ ਸਰਕਾਰੀ ਖੇਤਰ ਦੇ ਬੈਂਕਾਂ ਦੀ ਹੜਤਾਲ ਦੇ ਪਹਿਲੇ ਦਿਨ ਬੈਂਕਿੰਗ ਕਾਰਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਹੜਤਾਲ ਕਾਰਨ ਜਨਤਕ ਖੇਤਰ ਦੇ ਬੈਂਕਾਂ ਵਿੱਚ ਨਕਦੀ ਕੱਡਵਾਉਂਣ, ਜਮ੍ਹਾਂ ਕਰਵਾਉਣ, ਚੈੱਕ ਕਲੀਅਰਿੰਗ ਅਤੇ ਕਾਰੋਬਾਰੀ ਲੈਣ-ਦੇਣ ਪ੍ਰਭਾਵਿਤ ਹੋਇਆ ਹੈ।