ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਯਾਨੀ ਕਿ ਐਤਵਾਰ ਨੂੰ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਦੇ ਕੁਝ ਇਲਾਕਿਆਂ ਵਿੱਚ ਅੱਜ ਸਵੇਰੇ ਹੀ ਹਲਕੀ ਤੋਂ ਬਾਰਿਸ਼ ਹੋ ਰਹੀ ਹੈ।
ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ ਵਿੱਚ ਅੱਜ ਸਵੇਰੇ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ ਵਿੱਚ ਬਣੇ ਮੌਸਮ ਦੇ ਇੱਕ ਸਿਸਟਮ ਦੇ ਚਲਦਿਆਂ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਸਿੰਘੂ ਬਾਰਡਰ ਕਤਲ ਮਾਮਲੇ ‘ਚ ਦੋ ਹੋਰ ਨਿਹੰਗਾਂ ਨੇ ਕੀਤਾ ਆਤਮ-ਸਮਰਪਣ
IMD ਅਨੁਸਾਰ ਅੱਜ ਯਾਨੀ ਐਤਵਾਰ ਨੂੰ ਵੀ ਦਿੱਲੀ ਵਿੱਚ ਬੱਦਲ ਛਾਏ ਰਹਿਣਗੇ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੁੰਦੀ ਰਹੇਗੀ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਸੋਮਵਾਰ ਨੂੰ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ਨਾਲ ਦਿੱਲੀ-NCR ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਵੀ ਮੌਸਮ ਨੇ ਕਰਵਟ ਲਈ ਹੈ। IMD ਅਨੁਸਾਰ ਹਰਿਆਣਾ ਦੇ ਗੋਹਾਨਾ, ਜੀਂਦ, ਪਲਵਲ, ਔਰੰਗਾਬਾਦ, ਸੋਨੀਪਤ ਆਦਿ ਇਲਾਕਿਆਂ ਵਿੱਚ ਵੀ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਜਸਥਾਨ ਵਿੱਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।