Rajya Sabha passes: ਨਵੀਂ ਦਿੱਲੀ: ਰਾਜ ਸਭਾ ਨੇ ਬੁੱਧਵਾਰ ਨੂੰ ਕਸ਼ਮੀਰੀ, ਡੋਗਰੀ ਅਤੇ ਹਿੰਦੀ ਨੂੰ ਜੰਮੂ-ਕਸ਼ਮੀਰ ਦੀ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਅਧਿਕਾਰਤ ਭਾਸ਼ਾਵਾਂ ਵਜੋਂ ਸ਼ਾਮਿਲ ਕਰਨ ਦਾ ਬਿੱਲ ਪਾਸ ਕੀਤਾ। ਜੰਮੂ-ਕਸ਼ਮੀਰ ਅਧਿਕਾਰਤ ਭਾਸ਼ਾਵਾਂ ਦਾ ਬਿੱਲ ਸੰਸਦ ਦੇ ਉਪਰਲੇ ਸਦਨ ਵਿੱਚ ਪਾਸ ਹੋਣ ਵਾਲਾ ਛੇਵਾਂ ਬਿੱਲ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਲੋਕ ਸਭਾ ਨੇ ਉਹੀ ਬਿੱਲ ਪਾਸ ਕੀਤਾ ਸੀ, ਜਿਸ ਨੂੰ ਸੰਸਦ ਦੇ ਹੇਠਲੇ ਸਦਨ ਵਿੱਚ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈਡੀ ਨੇ ਪੇਸ਼ ਕੀਤਾ ਸੀ। ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਅਧਿਕਾਰਤ ਭਾਸ਼ਾਵਾਂ (ਸੋਧ) ਬਿੱਲ ਨੂੰ ਲੋਕ ਸਭਾ ਵੱਲੋਂ ਪਾਸ ਕੀਤੇ ਜਾਣ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਲੋਕਾਂ ਲਈ ਮਹੱਤਵਪੂਰਣ ਦਿਨ ਦੱਸਿਆ ਸੀ।
ਇਸ ਸਬੰਧੀ ਟਵੀਟ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਇਸ ਕਾਨੂੰਨ ਤਹਿਤ ‘ਗੋਜਰੀ’, ‘ਪਹਾਰੀ’ ਅਤੇ ‘ਪੰਜਾਬੀ’ ਵਰਗੀਆਂ ਪ੍ਰਮੁੱਖ ਖੇਤਰੀ ਭਾਸ਼ਾਵਾਂ ਦੇ ਵਿਕਾਸ ਦੇ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਲਿਖਿਆ, “ਜੰਮੂ ਕਸ਼ਮੀਰ ਦੇ ਲੋਕਾਂ ਲਈ ਇੱਕ ਮਹੱਤਵਪੂਰਣ ਦਿਨ ਕਿਉਂਕਿ ਜੰਮੂ ਕਸ਼ਮੀਰ ਅਧਿਕਾਰਤ ਭਾਸ਼ਾਵਾਂ (ਸੋਧ) ਬਿੱਲ ਲੋਕ ਸਭਾ ਵਿੱਚ ਪਾਸ ਕੀਤਾ ਗਿਆ । ਇਸ ਇਤਿਹਾਸਕ ਬਿੱਲ ਦੇ ਨਾਲ… ਜੰਮੂ ਕਸ਼ਮੀਰ ਦੇ ਲੋਕਾਂ ਦਾ ਲੰਬੇ ਸਮੇਂ ਤੋਂ ਉਡੀਕਿਆ ਹੋਇਆ ਸੁਪਨਾ ਸਾਕਾਰ ਹੋਇਆ!”
ਇਸ ਤੋਂ ਅੱਗੇ ਉਨ੍ਹਾਂ ਕਿਹਾ, “ਇਸ ਬਿੱਲ ਦੇ ਤਹਿਤ ਪ੍ਰਮੁੱਖ ਖੇਤਰੀ ਭਾਸ਼ਾਵਾਂ ਜਿਵੇਂ ‘ਗੋਜਰੀ’,‘ਪਹਾਰੀ’ ਅਤੇ ‘ਪੰਜਾਬੀ’ ਦੇ ਵਿਕਾਸ ਵੱਲ ਵਿਸ਼ੇਸ਼ ਯਤਨ ਕੀਤੇ ਜਾਣਗੇ। ਗ੍ਰਹਿ ਮੰਤਰੀ ਨੇ ਅੱਗੇ ਕਿਹਾ ਕਿ ਇਹ ਬਿੱਲ ਖੇਤਰੀ ਭਾਸ਼ਾਵਾਂ ਦੇ ਪ੍ਰਚਾਰ ਅਤੇ ਵਿਕਾਸ ਲਈ ਮੌਜੂਦਾ ਸੰਸਥਾਗਤ ਢਾਂਚੇ ਨੂੰ ਵੀ ਮਜ਼ਬੂਤ ਕਰੇਗਾ।