Rakesh tikait and joginder singh ugrahan : ਭਾਰਤ ਦੇ ਇੱਕ ਨਾਮੀ ਅ਼ਖਬਾਰ ਵੱਲੋਂ ਦੇਸ਼ ਦੇ ਸਭ ਤੋਂ ਤਾਕਤਵਰ 100 ਲੋਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕੇ ਇਸ ਸੂਚੀ ਦੇ ਵਿੱਚ ਦੋ ਕਿਸਾਨ ਆਗੂਆਂ ਦੇ ਨਾਮ ਵੀ ਸ਼ਾਮਿਲ ਹਨ। ਸੂਚੀ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਦਾ ਨਾਮ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਸ਼ਾਮਿਲ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ 76 ਸਾਲਾ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਮ ਇਸ ਸੂਚੀ ਦੇ ਵਿੱਚ 88 ਵੇਂ ਨੰਬਰ ‘ਤੇ ਹੈ। ਉਨ੍ਹਾਂ ਬਾਰੇ ਕਿਹਾ ਗਿਆ ਹੈ ਕੇ ਉਹ ਇਸ ਵੇਲੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ 3 ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਮਾਝੇ, ਮਾਲਵੇ ਦੇ ਇਲਾਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿੱਚ ਆਪਣੇ ਨਾਲ ਲੈ ਕੇ ਲੜਾਈ ਲੜ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਾਬਕਾ ਫੌਜੀ ਹਨ।
ਇਸ ਸੂਚੀ ਵਿੱਚ ਉਨ੍ਹਾਂ ਬਾਰੇ ਕਿਹਾ ਗਿਆ ਹੈ ਕਿ ਉਗਰਾਹਾਂ ਭਗਤ ਸਿੰਘ ਤੋਂ ਪ੍ਰੇਰਿਤ ਹਨ ਤੇ ਇਸੇ ਲਈ ਉਨ੍ਹਾਂ ਦੀ ਯੂਨੀਅਨ ਦੇ ਝੰਡੇ ਦਾ ਰੰਗ ਬਸੰਤੀ ਹੈ ਅਤੇ ਯੂਨੀਅਨ ਦੀਆਂ ਮਹਿਲਾ ਮੈਂਬਰ ਬਸੰਤੀ ਰੰਗ ਦੀਆ ਚੁੰਨੀਆਂ ਲੈਂਦੀਆਂ ਹਨ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਦਾ ਨਾਮ ਇਸ ਸੂਚੀ ਵਿੱਚ 89 ਵੇਂ ਨੰਬਰ ‘ਤੇ ਹੈ। ਜਦਕਿ ਇਸ ਸੂਚੀ ਵਿੱਚ ਪਹਿਲੇ ਨੰਬਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਮ ਹੈ। ਉਨ੍ਹਾਂ ਤੋਂ ਬਾਅਦ ਦੂਜੇ ਨੰਬਰ ‘ਤੇ ਅਮਿਤ ਸ਼ਾਹ ਅਤੇ ਤੀਜੇ ਨੰਬਰ ‘ਤੇ RSS ਮੁਖੀ ਮੋਹਨ ਭਾਗਵਤ ਦਾ ਨਾਮ ਸ਼ਾਮਿਲ ਹੈ। ਇਸ ਤੋਂ ਇਲਾਵਾ ਰਾਜਨਾਥ ਸਿੰਘ, ਜੇਪੀ ਨੱਢਾ, ਅਜੀਤ ਡੋਵਾਲ ਅਤੇ ਮੁਕੇਸ਼ ਅੰਬਾਨੀ ਆਦਿ ਵਰਗੇ ਨਾਮ ਸ਼ਾਮਿਲ ਹਨ।