Rakesh Tikait At Mahapanchayat: ਕੇਂਦਰ ਸਰਕਾਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕੜਾਕੇ ਦੀ ਠੰਡ ਏ ਵਿਚਾਲੇ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਨੂੰ ਲੈ ਕੇ ਫਿਲਹਾਲ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਬੰਦ ਹੈ। ਅਜਿਹੇ ਵਿੱਚ ਕਿਸਾਨਾਂ ਨੇ ਹੁਣ ਆਪਣੀ ਆਵਾਜ਼ ਬੁਲੰਦ ਕਰਨ ਲਈ ਸਰਕਾਰ ‘ਤੇ ਦਬਾਅ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ ਮਹਾਪੰਚਾਇਤ ਦਾ ਆਯੋਜਨ ਸ਼ੁਰੂ ਕਰ ਦਿੱਤਾ ਹੈ। ਦਰਅਸਲ, ਹਰਿਆਣਾਂ ਦੇ ਕਰਨਾਲ ਜ਼ਿਲ੍ਹੇ ਦੇ ਇੰਦਰੀ ਵਿਖੇ ਕਿਸਾਨਾਂ ਦੀ ਇੱਕ ਮਹਾਂ ਪੰਚਾਇਤ ਦਾ ਆਯੋਜਨ ਕੀਤਾ ਗਿਆ ਸੀ । ਜਿਸ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚਡੂਨੀ ਅਤੇ ਬਲਬੀਰ ਸਿੰਘ ਰਾਜੇਵਾਲ ਪਹੁੰਚੇ । ਇਸ ਮਹਾਪੰਚਾਇਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਇਸ ਤੋਂ ਅੱਗੇ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚਡੂਨੀ ਸਣੇ ਹੋਰਨਾਂ ਆਗੂਆਂ ਦੇ ਹਵਾਲੇ ਨਾਲ ਕਿਹਾ ਕਿ ਕਿਸਾਨ ਅੰਦੋਲਨ ਦੇ ‘ਮੰਚ ਅਤੇ ਪੰਚ’ ਉਹੀ ਰਹਿਣਗੇ ਤੇ ਇਨ੍ਹਾਂ ਵੱਲੋਂ ਲਏ ਗਏ ਫ਼ੈਸਲਿਆਂ ਨੂੰ ਹੀ ਲਾਗੂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਕਾਨੂੰਨ ਰੱਦ ਕੀਤੇ ਜਾਣ ਅਤੇ MSP ’ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਂਦਾ ਜਾਵੇ । ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਇਹ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ।
ਰਾਕੇਸ਼ ਟਿਕੈਤ ਨੇ ਕਿਹਾ ਕਿ ਹਰਿਆਣਾ ਦੇ ਲੋਕ ਬਹੁਤ ਲੜਾਕੂ ਹਨ, ਅੰਦੋਲਨ ਖ਼ਤਮ ਹੋ ਰਿਹਾ ਸੀ ਪਰ ਹਰਿਆਣਾ ਦੇ ਲੋਕਾਂ ਨੇ ਇਸ ਨੂੰ ਬਚਾਇਆ । ਇਸ ਵਿਚਾਲੇ ਕਿਸਾਨ ਆਗੂ ਟਿਕੈਤ ਨੇ ਸਟੇਜ ਤੋਂ ਨਾਅਰਾ ਦਿੱਤਾ ਕਿ ਹੁਣ ਲੜੇਗਾ ਜਵਾਨ, ਜਿੱਤੇਗਾ ਕਿਸਾਨ । ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਇਹ ਵੀ ਕਿਹਾ ਕਿ ਜੇਕਰ ਕਿਸਾਨਾਂ ਨੂੰ ਸਾਡੀ ਕਿਸੇ ਹੋਰ ਰਾਜ ਵਿੱਚ ਜ਼ਰੂਰਤ ਪਵੇਗੀ ਤਾਂ ਅਸੀਂ ਉੱਥੇ ਵੀ ਜਾਵਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਸ਼ੁਰੂ ਕੀਤਾ ਗਿਆ ਇਹ ਅੰਦੋਲਨ ਅੱਜ ਜਨ ਅੰਦੋਲਨ ਬਣ ਚੁੱਕਿਆ ਹੈ । ਇਸ ਅੰਦੋਲਨ ਨੂੰ ਦੇਸ਼ ਭਰ ਵਿੱਚ ਲਿਜਾਇਆ ਜਾਵੇਗਾ ।
ਉੱਥੇ ਹੀ ਦੂਜੇ ਪਾਸੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦੇਸ਼ ਦਾ ਕਿਸਾਨ ਕੇਂਦਰ ਦੀ ਗਲਤ ਨੀਤੀਆਂ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ, ਪਰ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ‘ਪਰਜੀਵੀ’ ਕਹਿਣ ਸਬੰਧੀ ਕਿਸਾਨਾਂ ਵਿੱਚ ਭਾਰੀ ਰੋਸ ਹੈ, ਜਿਸ ਕਰਕੇ ਅੱਜ ਪੰਜਾਬ, ਹਰਿਆਣਾ ਸਣੇ ਹੋਰਨਾਂ ਸੂਬਿਆਂ ਦੇ ਹਰੇਕ ਘਰ ਤੋਂ ਲੋਕ ਕਿਸਾਨ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ।
ਇਹ ਵੀ ਦੇਖੋ: ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਯਾਦਵਿੰਦਰ ਵੀ ਸਭ ਕੁੱਝ ਛੱਡ ਕੇ ਆ ਡੱਟੇ ਸਿੰਘੂ ਕਿਸਾਨ ਮੋਰਚੇ ‘ਚ…