Rakesh Tikait on covid crisis: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸ ਕਾਰਨ ਦੇਸ਼ ਵਿੱਚ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ । ਮਹਾਂਮਾਰੀ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਦਰਅਸਲ, ਮੌਜੂਦਾ ਸਮੇਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਦਵਾਈਆਂ, ਆਕਸੀਜਨ ਸਿਲੰਡਰ ਆਦਿ ਮਿਲਣ ਵਿੱਚ ਦਿੱਕਤ ਆ ਰਹੀ ਹੈ । ਜਿਸ ਦਾ ਫਾਇਦਾ ਕਾਲਾਬਾਜ਼ਾਰੀ ਕਰਨ ਵਾਲੇ ਲੋਕ ਚੁੱਕ ਰਹੇ ਹਨ। ਕੁਝ ਲੋਕਾਂ ਵੱਲੋਂ ਕੋਰੋਨਾ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਜਿਸ ਦੇ ਮੱਦੇਨਜ਼ਰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੋਰੋਨਾ ਸੰਕਟ ਦੌਰਾਨ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਪਰੇਸ਼ਾਨ ਕਰਨ ਦੇ ਮਾਮਲੇ ਵਿੱਚ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਇਸ ਔਖੇ ਸਮੇਂ ਵਿੱਚ ਵੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਕਾਬੂ ਨਹੀਂ ਕਰ ਪਾ ਰਹੀ ।
ਉਨ੍ਹਾਂ ਕਿਹਾ ਕਿ ਪੀੜਤਾਂ ਦੀ ਮਦਦ ਕਰ ਰਹੇ ਲੋਕਾਂ ਨੂੰ ਪਰੇਸ਼ਾਨ ਜ਼ਰੂਰ ਕੀਤਾ ਜਾ ਰਿਹਾ ਹੈ । ਉਹ ਚਾਹੇ ਪੱਪੂ ਯਾਦਵ ਹੋਵੇ ਜਾਂ ਗੁਰਦੁਆਰਾ ਜਾਂ ਸਵੈ-ਸੇਵੀ ਸੰਸਥਾਵਾਂ । ਸਰਕਾਰ ਇਨ੍ਹਾਂ ਦੀ ਮਦਦ ਨਾਲ ਜ਼ਰੂਰਤਮੰਦ ਲੋਕਾਂ ਦੀਆਂ ਜ਼ਰੂਰਤਾਂ ਨਹੀਂ ਪੂਰੀਆਂ ਕਰ ਪਾ ਰਹੀ, ਜਿਸ ਕਾਰਨ ਪਰੇਸ਼ਾਨ ਕਰਨ ਦਾ ਕੰਮ ਜ਼ਰੂਰ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਦੇਸ਼ ਵਿੱਚ ਮੰਗਲਵਾਰ ਨੂੰ ਰਿਕਾਰਡ 4205 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ ਪਿਛਲੇ 24 ਘੰਟਿਆਂ ਦੌਰਾਨ 3,48,421 ਕੇਸ ਸਾਹਮਣੇ ਆਏ ਹਨ । ਇਸ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 2,33,40,938 ਹੋ ਗਈ ਹੈ।