ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਵਾਪਰੀ ਘਟਨਾ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਇਹ ਮਾਮਲਾ ਬੇਹੱਦ ਗਰਮਾ ਗਿਆ ਹੈ। ਲਖੀਮਪੁਰ ਵਿੱਚ ਵਾਪਰੀ ਇਸ ਘਟਨਾ ਦੇ ਰੋਸ ਵਿੱਚ ਕਿਸਾਨ ਰਾਤ ਤੋਂ ਹੀ ਧਰਨਾ ਦੇ ਰਹੇ ਹਨ।
ਕਿਸਾਨਾਂ ਵੱਲੋਂ ਦੋਸ਼ੀਆਂ ’ਤੇ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ‘ਤੇ ਕੋਈ ਕਾਰਵਾਈ ਨਹੀਂ ਹੋ ਜਾਂਦੀ, ਉਨ੍ਹਾਂ ਵੱਲੋਂ ਧਰਨਾ ਜਾਰੀ ਰਹੇਗਾ ।
ਇਸ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਸਵੇਰੇ 4:30 ਵਜੇ ਕਰੀਬ ਲਖੀਮਪੁਰ ਪਹੁੰਚ ਗਏ ਸਨ। ਜਿੱਥੇ ਪਹੁੰਚ ਕੇ ਉਨ੍ਹਾਂ ਨੇ ਉੱਥੇ ਇੱਕ ਗੁਰਦੁਆਰਾ ਸਾਹਿਬ ਵਿੱਚ ਕਿਸਾਨਾਂ ਦੀ ਕਮੇਟੀ ਨਾਲ ਬੈਠਕ ਕੀਤੀ । ਜਿਸ ਵਿੱਚ ਅੱਗੇ ਦੀ ਰਣਨੀਤੀ ਤੈਅ ਕੀਤੀ ਗਈ।
ਟਿਕੈਤ ਨੇ ਕਿਸਾਨਾਂ ਨਾਲ ਬੈਠਕ ਤੋਂ ਬਾਅਦ ਐਲਾਨ ਕੀਤਾ ਕਿ ਜਦੋਂ ਤੱਕ ਕੋਈ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕਰਾਂਗੇ । ਫਿਲਹਾਲ ਲਖੀਮਪੁਰ ਵਿੱਚ ਧਾਰਾ 144 ਲਗਾ ਦਿੱਤੀ ਗਈ ਹੈ । ਨੇਤਾਵਾਂ ਦੇ ਆਉਣ-ਜਾਣ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ ।
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਪ੍ਰੋਗਰਾਮ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਮੰਤਰੀ ਦੇ ਪੁੱਤਰ ਵੱਲੋਂ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ, ਜਿਸ ਵਿੱਚ 4 ਕਿਸਾਨਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ ਸਨ ।