ਖੇਤੀ ਕਾਨੂੰਨਾਂ ਦੀ ਵਾਪਸੀ ਤੇ MSP ਦੀ ਗਾਰੰਟੀ ਤੋਂ ਬਾਅਦ ਕਿਸਾਨ ਦਿੱਲੀ ਬਾਰਡਰਾਂ ਤੋਂ ਆਪਣੇ-ਆਪਣੇ ਘਰਾਂ ਨੂੰ ਵਾਪਸ ਆ ਗਏ ਹਨ। ਜਿਸ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਅੰਦੋਲਨ ਖਤਮ ਹੋਣ ਤੋਂ ਬਾਅਦ ਆਪਣੇ ਪਿੰਡ ਵਾਪਸ ਚਲੇ ਗਏ ਹਨ। ਹਾਲਾਂਕਿ ਖੇਤੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਉਹ ਹਮੇਸ਼ਾ ਸਰਗਰਮ ਦਿਖਾਈ ਦਿੰਦੇ ਹਨ।
ਖੇਤੀਬਾੜੀ ਮੰਤਰੀ ਤੋਮਰ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਕਿਹਾ ਕਿ ਕਿਸਾਨ ਨਹੀਂ ਚਾਹੁੰਦੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਆਫੀ ਮੰਗਣ ਅਤੇ ਉਹ ਇਹ ਵੀ ਨਹੀਂ ਚਾਹੁੰਦੇ ਕਿ ਵਿਦੇਸ਼ਾਂ ਵਿੱਚ ਉਨ੍ਹਾਂ ਦਾ ਅਕਸ ਖਰਾਬ ਹੋਵੇ । ਉਨ੍ਹਾਂ ਦਾ ਇਹ ਬਿਆਨ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੁਝ ਦਿਨ ਬਾਅਦ ਆਇਆ ਹੈ, ਜਿਸ ਦੇ ਖਿਲਾਫ ਕਈ ਕਿਸਾਨ ਜਥੇਬੰਦੀਆਂ ਕਰੀਬ ਇੱਕ ਸਾਲ ਤੋਂ ਪ੍ਰਦਰਸ਼ਨ ਕਰ ਰਹੀਆਂ ਸਨ।
ਇਹ ਵੀ ਪੜ੍ਹੋ: ਦਿੱਲੀ ‘ਚ ਲੱਗਾ ਨਾਈਟ ਕਰਫਿਊ, ਲੋਕਾਂ ਨੂੰ ਮੁੜ ਪਾਬੰਦੀਆਂ ਦਾ ਕਰਨਾ ਪਵੇਗਾ ਸਾਹਮਣਾ
ਦਰਅਸਲ, ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮਾਫੀ ਮੰਗਣ। ਅਸੀਂ ਵਿਦੇਸ਼ਾਂ ਵਿੱਚ ਉਨ੍ਹਾਂ ਦਾ ਅਕਸ ਖਰਾਬ ਨਹੀਂ ਕਰਨਾ ਚਾਹੁੰਦੇ। ਜੇਕਰ ਕੋਈ ਫੈਸਲਾ ਹੁੰਦਾ ਹੈ ਤਾਂ ਕਿਸਾਨਾਂ ਦੀ ਸਹਿਮਤੀ ਤੋਂ ਬਿਨ੍ਹਾਂ ਭਾਰਤ ਵਿੱਚ ਫੈਸਲਾ ਨਹੀਂ ਲਿਆ ਜਾਵੇਗਾ । ਅਸੀਂ ਈਮਾਨਦਾਰੀ ਨਾਲ ਖੇਤ ਵਾਹੇ ਪਰ ਦਿੱਲੀ ਦੀ ਕਲਮ ਨੇ ਕੀਮਤ ਦੇਣ ਵਿੱਚ ਬੇਈਮਾਨੀ ਕੀਤੀ।
ਦੱਸ ਦੇਈਏ ਕਿ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਸੀ ਕਿ ਅਸੀਂ ਖੇਤੀ ਕਾਨੂੰਨ ਲਿਆਂਦੇ ਸੀ, ਪਰ ਕੁਝ ਲੋਕਾਂ ਨੂੰ ਉਹ ਪਸੰਦ ਨਹੀਂ ਆਏ। ਪਰ ਸਰਕਾਰ ਨਿਰਾਸ਼ ਨਹੀਂ ਹੈ। ਅਸੀਂ ਇੱਕ ਕਦਮ ਪਿੱਛੇ ਹਟ ਗਏ ਹਾਂ ਅਤੇ ਅਸੀਂ ਦੁਬਾਰਾ ਅੱਗੇ ਵਧਾਂਗੇ ਕਿਉਂਕਿ ਕਿਸਾਨ ਭਾਰਤ ਦੀ ਰੀੜ੍ਹ ਦੀ ਹੱਡੀ ਹਨ । ਜੇ ਰੀੜ੍ਹ ਦੀ ਹੱਡੀ ਮਜ਼ਬੂਤ ਹੋਵੇਗੀ ਤਾਂ ਦੇਸ਼ ਮਜ਼ਬੂਤ ਹੋਵੇਗਾ। ਹਾਲਾਂਕਿ, ਬਾਅਦ ਵਿੱਚ ਤੋਮਰ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਕੇਂਦਰ ਦੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: