Rakesh Tikait warns government: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਹੈ ਕਿ ਜਦੋਂ ਤੱਕ ਤਿੰਨੋਂ ਨਵੇਂ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ । ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਦੇ ਅੰਦੋਲਨ ਨੂੰ 100 ਦਿਨ ਪੂਰੇ ਹੋਣ ਮੌਕੇ ਇੱਥੇ ਰਾਮਰਾਜ ਕਸਬੇ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਟਿਕੈਤ ਨੇ ਇਹ ਗੱਲ ਆਖੀ।
ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਪੂਰੀ ਤਰ੍ਹਾਂ ਤੇ ਜਲਦੀ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਉਨ੍ਹਾਂ ਦਾ ਇਹ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਨੇ ਇਸ ਮੌਕੇ ’ਤੇ ਟਰੈਕਟਰ ਰੈਲੀ ਨੂੰ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਰੈਲੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਜ਼ਿਲ੍ਹਿਆਂ ਵਿਚ ਜਾਵੇਗੀ ਅਤੇ 27 ਮਾਰਚ ਨੂੰ ਗਾਜ਼ੀਪੁਰ ਵਿਚ ਕਿਸਾਨ ਪ੍ਰਦਰਸ਼ਨ ਵਾਲੀ ਥਾਂ ’ਤੇ ਪਹੁੰਚੇਗੀ।
ਉੱਥੇ ਹੀ ਦੂਜੇ ਪਾਸੇ ਮੁਜ਼ੱਫਰਨਗਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੰਜੀਵ ਬਾਲਯਾਨ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਲਾਭਕਾਰੀ ਹਨ । ਉਨ੍ਹਾਂ ਕਿਹਾ ਕਿ ਜੇਕਰ ਖੇਤੀ ਕਾਨੂੰਨਾਂ ਕਾਰਨ ਕਿਸੇ ਇੱਕ ਵੀ ਕਿਸਾਨ ਦੀ ਜ਼ਮੀਨ ਲਈ ਗਈ ਤਾਂ ਮੈਂ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦੇਵਾਂਗਾ । ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੀ ਇੱਛਾ ਅਨੁਸਾਰ ਹੀ ਲਾਗੂ ਕੀਤੇ ਗਏ ਹਨ।
ਇਹ ਵੀ ਦੇਖੋ: ਇਸ ਥਾਂ ‘ਤੇ ਦੁਨੀਆਂ ਅੱਜ ਆਖਰੀ ਸਲਾਮ ਕਹੇਗੀ ਸਰਦੂਲ ਸਿਕੰਦਰ ਨੂੰ, ਸ਼ਰਧਾਂਜਲੀ ਸਮਾਗਮ ਤੋਂ LIVE…