Randeep surjewala statement farmer issue : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 30 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਪਰ ਇਸ ਦੌਰਾਨ ਸਿਆਸਤ ਵੀ ਜਾਰੀ ਹੈ। ਸਿਆਸੀ ਪਾਰਾ ਵੀ ਇਸ ਵੇਲੇ ਲਗਾਤਾਰ ਵੱਧਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਰੋਧੀ ਧਿਰ ‘ਤੇ ਜ਼ੋਰਦਾਰ ਹਮਲਾ ਕੀਤਾ ਸੀ। ਹੁਣ ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਤੋਂ ਬਾਅਦ ਕਾਂਗਰਸ ਨੇ ਪਲਟਵਾਰ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਸੋਸ਼ਲ ਮੀਡੀਆ ‘ਤੇ ਇੱਕ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ‘ਥਕਾ ਦੋ ਅਤੇ ਭਜਾ ਦੋ’ ਦੀ ਨੀਤੀ ‘ਤੇ ਕੰਮ ਕਰ ਰਹੀ ਹੈ, ਪਰ ਇਸ ਦਾ ਮੁੰਹਤੋੜ ਜਵਾਬ ਮਿਲੇਗਾ। ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਿਰਫ ਟੀਵੀ ‘ਤੇ ਸਫਾਈ ਦੇ ਰਹੇ ਹਨ, ਸਰਕਾਰ ਚਿੱਠੀਆਂ ਦੀ ਦੁਹਾਈ ਦੇ ਰਹੀ ਹੈ, ਪਰ ਕੋਈ ਵੀ ਕਿਸਾਨਾਂ ਦਾ ਭਲਾ ਨਹੀਂ ਕਰ ਰਿਹਾ। ਕਾਂਗਰਸ ਨੇਤਾ ਨੇ ਲਿਖਿਆ ਕਿ ‘ਨਾ ਪਖੰਡ ਦੀ ਨੀਤੀ’, ‘ਨਾ ਝੂਠ ਦਾ ਪ੍ਰਚਾਰ’, ਤਿੰਨ ਕਾਲੇ ਕਾਨੂੰਨਾਂ ਨੂੰ ਖਤਮ ਕਰੇ ਭਾਜਪਾ ਸਰਕਾਰ। ਕਾਂਗਰਸ ਵੱਲੋਂ ਜਾਰੀ ਬਿਆਨ ਵਿੱਚ ਕੁੱਝ ਮੁੱਦਿਆਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਸ ਵਿੱਚ ਮੋਦੀ ਸਰਕਾਰ ਵੱਖ ਵੱਖ ਮੁੱਦਿਆਂ ‘ਤੇ ਘਿਰੀ ਹੋਈ ਹੈ।
15 ਕਰੋੜ ਕਿਸਾਨਾਂ ਵਿੱਚੋ ਸਿਰਫ 9 ਕਰੋੜ ਕਿਸਾਨਾਂ ਨੂੰ ਕਿਸਾਨ ਸਨਮਾਨ ਨਿਧੀ ਦਾ ਲਾਭ ਕਿਉਂ ਮਿਲਦਾ ਹੈ 5 ਕਰੋੜ ਕਿਸਾਨਾਂ ਨੂੰ ਇਸ ਤੋਂ ਬਾਹਰ ਕਿਉਂ ਰੱਖਿਆ ਗਿਆ ਹੈ? ਮੋਦੀ ਸਰਕਾਰ ਨੇ ਕਿਸਾਨਾਂ ਦੀਆ ਫਸਲਾਂ ਦਾ ਬੋਨਸ ਬੰਦ ਕਰ ਦਿੱਤਾ। ਮੋਦੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਲਾਗਤ ਤੋਂ ਵੱਧ 50 ਫੀਸਦੀ MSP ਕਿਸਾਨਾਂ ਨੂੰ ਨਹੀਂ ਦਿੱਤੀ ਜਾ ਸਕਦੀ। ਮੋਦੀ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੇ ਢੁਕਵੇਂ ਮੁਆਵਜ਼ੇ ਨੂੰ ਖਤਮ ਕਰਨ ਵਿੱਚ ਲੱਗੀ ਹੋਈ ਹੈ। ਮੋਦੀ ਸਰਕਾਰ ਫ਼ਰਮਾਨ ਦਿੰਦੀ ਹੈ ਕਿ ਉਹ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕਰੇਗੀ। ਫਸਲ ਬੀਮਾ ਯੋਜਨਾ ਹੁਣ ਪ੍ਰਾਈਵੇਟ ਬੀਮਾ ਕੰਪਨੀ ਲਾਭ ਯੋਜਨਾ। ਰਣਦੀਪ ਸਿੰਘ ਸੁਰਜੇਵਾਲਾ ਤੋਂ ਇਲਾਵਾ, ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਸਿਰਫ ਟੀਵੀ ‘ਤੇ ਬਿਆਨਬਾਜ਼ੀ ਕਰ ਰਹੇ ਹਨ, ਉਹ ਖੁਦ ਅੰਦੋਲਨਕਾਰੀ ਕਿਸਾਨਾਂ ਨਾਲ ਚਰਚਾ ਕਿਉਂ ਨਹੀਂ ਕਰਦੇ। ਦੱਸ ਦੇਈਏ ਕਿ ਪੀਐਮ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਸੰਬੋਧਨ ਵਿੱਚ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ ਸੀ। ਪੀਐਮ ਮੋਦੀ ਨੇ ਦੋਸ਼ ਲਾਇਆ ਕਿ ਕਾਂਗਰਸ ਕਿਸਾਨਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ।