ਆਮ ਆਦਮੀ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੋਮਵਾਰ ਦੇ ਭਾਰਤ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। AAP ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਇਹ ਐਲਾਨ ਪੰਜਾਬ ਦੇ ਸਹਿ-ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਵੱਲੋਂ ਕੀਤਾ ਗਿਆ ।
ਦਰਅਸਲ, ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਭਲਕੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਕਿਹਾ ਕਿ AAP ਦੇ ਆਗੂ ਅਤੇ ਵਰਕਰ ਬਿਨ੍ਹਾਂ ਪਾਰਟੀ ਦੇ ਝੰਡੇ ਅਤੇ ਨਿਸ਼ਾਨ ਤੋਂ ਕਿਸਾਨਾਂ ਦੇ ਨਾਲ ਸੜਕਾਂ ’ਤੇ ਉਤਰਨਗੇ । ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਮੇਸ਼ਾ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਨਾਲ ਖੜ੍ਹੇ ਰਹੇ ਹਨ ।
ਇਸ ਸਬੰਧੀ ਰਾਘਵ ਚੱਢਾ ਨੇ ਇੱਕ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ,‘‘ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਹਮੇਸ਼ਾ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਨਾਲ ਖੜ੍ਹੇ ਰਹੇ ਹਨ । ਆਮ ਆਦਮੀ ਪਾਰਟੀ, ਸੰਯੁਕਤ ਕਿਸਾਨ ਮੋਰਚਾ ਦੇ 27 ਸਤੰਬਰ ਦੇ ਭਾਰਤ ਬੰਦ ਦੀ ਅਪੀਲ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ।’’
ਇਸ ਤੋਂ ਇਲਾਵਾ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਅੰਦੋਲਨ ਨੂੰ ਲਗਪਗ ਇੱਕ ਸਾਲ ਪੂਰਾ ਹੋ ਗਿਆ ਹੈ ਤੇ ਇਸ ਅੰਦੋਲਨ ਦੇ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀ ਸ਼ਹਾਦਤ ਦਿੱਤੀ ਹੈ। ਕੇਂਦਰ ਵਿੱਚ ਬੈਠੀ ਜ਼ਾਲਮ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਗੌਰ ਨਹੀਂ ਕਰ ਰਹੀ।