ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਯੂਪੀ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ ਹੋਰ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਦਰਅਸਲ, ਮੋਰਚੇ ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ 11 ਅਕਤੂਬਰ ਤੱਕ ਪੂਰੀਆਂ ਨਹੀਂ ਹੁੰਦੀਆਂ, ਤਾਂ ਉਹ 18 ਅਕਤੂਬਰ ਨੂੰ ਆਲ ਇੰਡੀਆ ਰੇਲ ਰੋਕੋ ਦੇ ਸੱਦੇ ਨੂੰ ਅੱਗੇ ਵਧਾਉਣਗੇ।
ਇਹ ਵੀ ਪੜ੍ਹੋ: Big Breaking : ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਚੋਣ ਕਮਿਸ਼ਨ ਨੇ ਲਿਆ ਵੱਡਾ ਫੈਸਲਾ
ਇਸ ਤੋਂ ਇਲਾਵਾ ਮੋਰਚੇ ਵੱਲੋਂ 12 ਅਕਤੂਬਰ ਨੂੰ ਸ਼ਹੀਦ ਕਿਸਾਨ ਦਿਵਸ ਵਜੋਂ ਮਨਾਉਣ ਦਾ ਐਲਾਨ ਵੀ ਕੀਤਾ ਹੈ । ਮੋਰਚੇ ਨੇ ਇਸ ਸਬੰਧੀ ਐਲਾਨ ਕਰਦਿਆਂ ਕਿਹਾ ਕਿ 12 ਅਕਤੂਬਰ ਨੂੰ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਵਿੱਚ ਪੰਜ ਸ਼ਹੀਦਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਸਾਰੇ ਯੂਪੀ ਤੇ ਭਾਰਤ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ।
ਮੋਰਚੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ 12 ਅਕਤੂਬਰ ਨੂੰ ਗੁਰਦੁਆਰਿਆਂ, ਮੰਦਰਾਂ, ਚਰਚਾਂ, ਮਸਜਿਦਾਂ ਤੇ ਹੋਰਨਾਂ ਜਨਤਕ ਥਾਵਾਂ ’ਤੇ ਪ੍ਰਾਰਥਨਾ ਤੇ ਸ਼ਰਧਾਂਜਲੀ ਸਭਾਵਾਂ ਕਰਵਾਈਆਂ ਜਾਣ । ਉਸੇ ਦਿਨ ਸ਼ਾਮ ਨੂੰ ਮੋਮਬੱਤੀ ਮਾਰਚ ਦਾ ਵੀ ਆਯੋਜਨ ਕੀਤਾ ਜਾਵੇ ਤੇ ਲੋਕ ਆਪਣੇ ਘਰਾਂ ਦੇ ਬਾਹਰ 5 ਮੋਮਬੱਤੀਆਂ ਜਗਾਉਣ ।