ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰੀ ਘਟਨਾ ਵਿਚ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲ ਰੋਕੋ ਅਤੇ 26 ਅਕਤੂਬਰ ਨੂੰ ਲਖਨਊ ਮਹਾ ਰੈਲੀ ਦੇ ਆਪਣੇ ਪਹਿਲਾਂ ਐਲਾਨੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਤਹਿਤ 18 ਅਕਤੂਬਰ ਯਾਨੀ ਕਿ ਭਲਕੇ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰਕੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ ।
ਉੱਥੇ ਹੀ ਦੂਜੇ ਪਾਸੇ 26 ਅਕਤੂਬਰ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਲਖਨਊ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ । ਇਸ ਸਬੰਧੀ ਕਿਸਾਨ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਤਿੰਨ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਦੇ ਆਰਡੀਨੈਂਸਾਂ ਦੇ ਵਿਰੁੱਧ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 68 ਥਾਵਾਂ ‘ਤੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜੇ ਗਏ।
ਇਹ ਵੀ ਪੜ੍ਹੋ: ਸ਼੍ਰੀਨਗਰ : ਗੋਲਗੱਪੇ ਵੇਚਣ ਵਾਲੇ ਨੂੰ ਅੱਤਵਾਦੀਆਂ ਨੇ ਮਾਰੀ ਗੋਲੀ, 2 ਹਫਤਿਆਂ ‘ਚ 8ਵੀਂ ਵਾਰਦਾਤ
ਦੱਸ ਦੇਈਏ ਕਿ ਇਸੇ ਦੌਰਾਨ ਸਿੰਘੂ ਬਾਰਡਰ ‘ਤੇ ਵਾਪਰੇ ਘਟਨਾਕ੍ਰਮ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨਪਾਲ, ਬੂਟਾ ਸਿੰਘ ਬੁਰਜਗਿੱਲ, ਸਤਨਾਮ ਸਿੰਘ ਸਾਹਨੀ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਇਹ ਘਟਨਾ ਬਹੁਤ ਦੁਖਦਾਇਕ ਹੈ, ਪਰ ਸੰਯੁਕਤ ਕਿਸਾਨ ਮੋਰਚੇ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਬੰਦ ਕਰ ਦੇਵੇ।