ਸ਼ੁੱਕਰਵਾਰ ਨੂੰ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ‘ਤੇ ਉਂਗਲ ਚੁੱਕਣ ਨੂੰ ਲੈ ਕੇ ਹੁਣ ਸੰਯੁਕਤ ਕਿਸਾਨ ਮੋਰਚਾ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਇਸ ਕਤਲ ਦੀ ਨਿਖੇਧੀ ਕੀਤੀ ਹੈ। ਸੰਯੁਕਤ ਕਿਸਾਨ ਮੋਰਚੇ ਨੇ ਪ੍ਰੈਸ ਬਿਆਨ ਜਾਰੀ ਕਰਕੇ ਇਸ ਕਤਲ ਅਤੇ ਬੇਅਦਬੀ ਦੇ ਦੋਸ਼ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਖਤ ਸਜ਼ਾ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਇਸਦਾ ਮੋਰਚੇ ਨਾਲ ਕੋਈ ਸਬੰਧ ਨਹੀਂ।
ਪ੍ਰੈਸ ਬਿਆਨ ‘ਚ ਕਿਹਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਧਿਆਨ ਵਿੱਚ ਇਹ ਆਇਆ ਹੈ ਕਿ ਪੰਜਾਬ ਦੇ ਇੱਕ ਵਿਅਕਤੀ (ਲਖਬੀਰ ਸਿੰਘ, ਪੁੱਤਰ ਦਰਸ਼ਨ ਸਿੰਘ, ਪਿੰਡ ਚੀਮਾਂ ਕਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ) ਦਾ ਅੱਜ ਸਵੇਰੇ ਸਿੰਘੂ ਮੋਰਚੇ ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਘਟਨਾ ਸਥਾਨ ‘ਤੇ ਮੌਜੂਦ ਇੱਕ ਨਿਹੰਗ ਗਰੁੱਪ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ ਅਤੇ ਕਿਹਾ ਗਿਆ ਹੈ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕ ਉਸ ਵਿਅਕਤੀ ਦੁਆਰਾ ਸਰਬਉਚ ਗ੍ਰੰਥ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਦੱਸਿਆ ਗਿਆ ਹੈ ਕਿ ਇਹ ਮ੍ਰਿਤਕ ਪਿਛਲੇ ਕੁੱਝ ਸਮੇਂ ਤੋਂ ਉਸੇ ਗਰੁੱਪ ਦੇ ਨਾਲ ਸੀ। ਪਰ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਇਸ ਅਧਾਰ ਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ। ਅਸੀਂ ਮੰਗ ਕਰਦੇ ਹਾਂ ਕਿ ਕਤਲ ਅਤੇ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਵੇਗਾ। ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਚਲਾਈ ਗਈ ਇਹ ਲਹਿਰ ਕਿਸੇ ਵੀ ਹਿੰਸਾ ਦਾ ਵਿਰੋਧ ਕਰਦੀ ਹੈ।
ਇਹ ਵੀ ਦੇਖੋ : ਬੇਅਦਬੀ ਕਰਨ ਆਏ ਵਿਅਕਤੀ ਦੀ ਮੌਤ ‘ਤੇ ਕਿਸਾਨ ਕਹਿ ਗਏ ਵੱਡੀਆਂ ਗੱਲਾਂ ਸੁਣੋ live
ਇਹ ਬਿਆਨ ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਵੱਲੋ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: