ਦਿੱਲੀ ਦੇ ਬਾਰਡਰਾਂ ‘ਤੇ ਪਿਛਲੇ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਨਿਰਣਾਇਕ ਮੋੜ ‘ਤੇ ਪਹੁੰਚ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਅੱਜ ਸਵੇਰੇ 10.30 ਵਜੇ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪੰਜ ਕਿਸਾਨ ਆਗੂਆਂ ਦਾ ਪੈਨਲ ਅੱਗੇ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰੇਗਾ।
ਦਰਅਸਲ, ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਕਿਸਾਨਾਂ ਨੂੰ ਇੱਕ ਨਵਾਂ ਪ੍ਰਸਤਾਵ ਭੇਜਿਆ ਸੀ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸਾਨ ਅੰਦੋਲਨ ਵਾਪਿਸ ਲੈ ਲੈਂਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਹੋਏ ਪਰਚੇ ਵੀ ਰੱਦ ਕਰ ਦਿੱਤੇ ਜਾਣਗੇ। ਹਾਲਾਂਕਿ ਕੇ ਸੰਯੁਕਤ ਕਿਸਾਨ ਮੋਰਚੇ ਨੇ ਬੀਤੇ ਦਿਨ ਸਰਕਾਰ ਦੇ ਪ੍ਰਸਤਾਵ ਦਾ ਜਵਾਬ ਵੀ ਭੇਜ ਦਿੱਤਾ ਸੀ ਅਤੇ ਕਿਹਾ ਸੀ ਕਿ ਸਰਕਾਰ ਪਹਿਲਾ ਪਰਚੇ ਰੱਦ ਕਰੇ।
ਇਸ ਤੋਂ ਬਾਅਦ ਅੱਜ ਕਿਸਾਨ ਆਗੂਆਂ ਨੇ ਇੱਕ ਹੰਗਾਮੀ ਮੀਟਿੰਗ ਸੱਦੀ ਹੈ, ਜਿਸ ਵਿੱਚ ਅੰਦੋਲਨ ਨੂੰ ਜਾਰੀ ਰੱਖਣ ਜਾਂ ਖ਼ਤਮ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਅੱਜ ਦੀ ਹੰਗਾਮੀ ਮੀਟਿੰਗ ਦੇ ਪੈਨਲ ਵਿੱਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਯੁੱਧਵੀਰ ਸਿੰਘ, ਅਸ਼ੋਕ ਧਾਵਲੇ, ਸ਼ਿਵ ਕੁਮਾਰ ਕੱਕਾ ਸ਼ਾਮਿਲ ਹਨ। ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਦੀਆ ਜਥੇਬੰਦੀਆਂ ਵੱਲੋਂ ਵੀ ਅੱਜ ਦੁਬਾਰਾ ਮੀਟਿੰਗ ਕੀਤੀ ਜਾਵੇਗੀ ਜਿਸ ਤੋਂ ਬਾਅਦ ਅੰਦੋਲਨ ਨੂੰ ਲੈ ਕੇ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: