ਅਗਲੇ ਮਹੀਨੇ ਤੋਂ ਯੂਪੀ ਅਤੇ ਪੰਜਾਬ ਸਣੇ ਭਾਰਤ ਦੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪਰ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਲੁਭਾਉਣ ਲਈ ਮੁਫਤ ਚੀਜ਼ਾਂ ਵੰਡਣ ਜਾਂ ਮੁਫਤ ਸਕੀਮਾਂ ਦਾ ਵਾਅਦਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੀ ਮਾਨਤਾ ਰੱਦ ਕਰਨ ਦੇ ਮੁੱਦੇ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ।
ਭਾਜਪਾ ਨੇਤਾ ਅਸ਼ਵਨੀ ਉਪਾਧਿਆਏ ਦੀ ਪਟੀਸ਼ਨ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ। ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਲੁਭਾਉਣ ਲਈ ਬੇਤੁਕੇ ਵਾਅਦੇ ਕਰਨ ਅਤੇ ਮੁਫ਼ਤ ਤੋਹਫ਼ੇ ਵੰਡਣ ਵਾਲੀਆਂ ਪਾਰਟੀਆਂ ਦੀ ਮਾਨਤਾ ਰੱਦ ਕੀਤੀ ਜਾਵੇ। ਇਸ ਦੇ ਨਾਲ ਹੀ ਸੁਣਵਾਈ ਦੌਰਾਨ ਅਦਾਲਤ ਨੇ ਪੁੱਛਿਆ ਕਿ ਜਦੋਂ ਸਾਰੀਆਂ ਸਿਆਸੀ ਪਾਰਟੀਆਂ ਅਜਿਹੇ ਮੁਫ਼ਤ ਤੋਹਫ਼ੇ ਦੇਣ ਦਾ ਵਾਅਦਾ ਕਰ ਰਹੀਆਂ ਹਨ ਤਾਂ ਤੁਸੀਂ ਪਟੀਸ਼ਨ ‘ਚ ਸਿਰਫ਼ ਦੋ ਪਾਰਟੀਆਂ ਦਾ ਜ਼ਿਕਰ ਕਿਉਂ ਕੀਤਾ? ਬਾਕੀ ਦਾ ਜ਼ਿਕਰ ਕਿਉਂ ਨਹੀਂ ਕੀਤਾ ਗਿਆ? ਅਦਾਲਤ ਨੇ ਇਸ ਮਾਮਲੇ ਵਿੱਚ ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ‘ਤੇ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਗਿਆ ਹੈ।
ਸੁਪਰੀਮ ਕੋਰਟ ਨੇ ਸਿਆਸੀ ਪਾਰਟੀਆਂ ਵੱਲੋਂ ਮੁਫ਼ਤ ਤੋਹਫ਼ਿਆਂ ਦੇ ਵਾਅਦੇ ‘ਤੇ ਚਿੰਤਾ ਪ੍ਰਗਟਾਈ ਹੈ। ਸੀਜੇਆਈ ਐਨਵੀ ਰਮਨਾ ਨੇ ਕਿਹਾ ਕਿ ਇਹ ਇੱਕ ਗੰਭੀਰ ਮੁੱਦਾ ਹੈ, ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਮੁਫਤ ਬਜਟ ਨਿਯਮਤ ਬਜਟ ਤੋਂ ਪਰੇ ਜਾ ਰਿਹਾ ਹੈ। ਕਈ ਵਾਰ ਸੁਪਰੀਮ ਕੋਰਟ ਵੀ ਕਹਿ ਚੁੱਕੀ ਹੈ ਕਿ ਇਹ ਖੇਡ ਦਾ ਮੈਦਾਨ ਨਹੀਂ ਹੈ। ਪਾਰਟੀਆਂ ਚੋਣਾਂ ਜਿੱਤਣ ਲਈ ਜਿਆਦਾ ਵਾਅਦੇ ਕਰਦੀਆਂ ਹਨ। ਅਸੀਂ ਚੋਣ ਕਮਿਸ਼ਨ ਨੂੰ ਸੀਮਤ ਦਾਇਰੇ ਵਿੱਚ ਦਿਸ਼ਾ-ਨਿਰਦੇਸ਼ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਸਨ, ਸਾਡੀਆਂ ਹਦਾਇਤਾਂ ਤੋਂ ਬਾਅਦ ਉਨ੍ਹਾਂ ਨੇ ਸਿਰਫ਼ ਇੱਕ ਮੀਟਿੰਗ ਕੀਤੀ। ਉਨ੍ਹਾਂ ਨੇ ਸਿਆਸੀ ਪਾਰਟੀਆਂ ਤੋਂ ਵਿਚਾਰ ਮੰਗੇ ਅਤੇ ਉਸ ਤੋਂ ਬਾਅਦ ਸਾਨੂੰ ਨਹੀਂ ਪਤਾ ਕਿ ਕੀ ਹੋਇਆ।
ਪਟੀਸ਼ਨਕਰਤਾ ਅਸ਼ਵਨੀ ਉਪਾਧਿਆਏ ਨੇ ਕਿਹਾ ਸੀ ਕਿ ਉਹ ਸਮਾਂ ਦੂਰ ਨਹੀਂ ਜਦੋਂ ਇੱਕ ਸਿਆਸੀ ਪਾਰਟੀ ਕਹੇਗੀ ਕਿ ਅਸੀਂ ਘਰ ਆ ਕੇ ਤੁਹਾਡੇ ਲਈ ਖਾਣਾ ਬਣਾਵਾਂਗੇ ਅਤੇ ਦੂਜੀ ਕਹੇਗੀ ਕਿ ਅਸੀਂ ਸਿਰਫ਼ ਖਾਣਾ ਨਹੀਂ ਪਕਾਵਾਂਗੇ, ਸਗੋਂ ਤੁਹਾਨੂੰ ਖੁਆਵਾਂਗੇ ਵੀ। ਸਾਰੀਆਂ ਪਾਰਟੀਆਂ ਲੋਕ-ਲੁਭਾਊ ਵਾਅਦਿਆਂ ਰਾਹੀਂ ਦੂਜੀਆਂ ਪਾਰਟੀਆਂ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: