ਸਿੰਘੂ ਬਾਰਡਰ ‘ਤੇ ਨੌਜਵਾਨ ਦੇ ਕਤਲ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ ਸ਼ੇਖਰ ਝਾ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਸਿੰਘੂ ਬਾਰਡਰ ਨੂੰ ਖਾਲੀ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਵੀ ਅਪੀਲ ਵੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਨਿਹੰਗ ਸਿੰਘ ਨੇ ਬੇਅਦਬੀ ਕਰਨ ਆਏ ਵਿਅਕਤੀ ਨੂੰ ਫੜ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਬੇਅਦਬੀ ਕਰਨ ਆਏ ਵਿਅਕਤੀ ਦੇ ਹੱਥ ਪੈਰ ਵੱਢ ਕੇ ਉਸਨੂੰ ਬੈਰੀਕੇਡ ਨਾਲ ਲਟਕਾ ਦਿੱਤਾ ਸੀ। ਜਿਸ ਤੋਂ ਬਾਅਦ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਨਿਹੰਗ ਸਰਬਜੀਤ ਸਿੰਘ ਨੇ ਬੀਤੇ ਦਿਨ ਸ਼ਾਮ ਨੂੰ ਸੋਨੀਪਤ ਪੁਲਿਸ ਕੋਲ ਸਰੈਂਡਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਸਦੀ ਇਹ ਅਦਾਲਤ ਵਿੱਚ ਪੇਸ਼ੀ ਹੋਣੀ ਹੈ।
ਇਹ ਵੀ ਪੜ੍ਹੋ: ਵੱਡੀ ਖਬਰ : ਨਵਜੋਤ ਸਿੰਘ ਸਿੱਧੂ ਨੇ ਵਾਪਿਸ ਲਿਆ ਅਸਤੀਫਾ
ਦਰਅਸਲ, ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਸਾਨ ਅੰਦੋਲਨ ਨੂੰ ਗੈਰ-ਕਨੂੰਨੀ ਕਰਾਰ ਦਿੰਦਿਆਂ ਦਿੱਲੀ ਦੇ ਬਾਰਡਰਾਂ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਅੰਦੋਲਨ ਗੈਰ-ਕਨੂੰਨੀ ਢੰਗ ਨਾਲ ਚੱਲ ਰਿਹਾ ਹੈ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿੰਘੂ ਬਾਰਡਰ ’ਤੇ ਹੋਈ ਇਸ ਘਟਨਾ ਦੀ ਨਿੰਦਾ ਕਰਦਿਆਂ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਘਟਨਾ ਪਿੱਛੇ ਕੋਈ ਸਾਜ਼ਿਸ਼ ਵੀ ਹੋ ਸਕਦੀ ਹੈ। ਮੋਰਚੇ ਨੇ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਧਾਰਮਿਕ ਰੰਗਤ ਵੀ ਦਿੱਤੀ ਜਾ ਰਹੀ ਹੈ।