Srinagar Two day curfew: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਨੂੰ ਇੱਕ ਸਾਲ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਸ਼੍ਰੀਨਗਰ ਵਿੱਚ ਮੰਗਲਵਾਰ ਅਤੇ ਬੁੱਧਵਾਰ ਨੂੰ ਕਰਫਿਊ ਰਹੇਗਾ। ਪ੍ਰਸ਼ਾਸਨ ਨੂੰ ਇਹ ਖਬਰਾਂ ਮਿਲੀਆਂ ਕਿ ਵੱਖਵਾਦੀ ਅਤੇ ਪਾਕਿਸਤਾਨ ਸਮਰਥਿਤ ਸਮੂਹ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ । ਇਸ ਲਈ ਜ਼ਿਲ੍ਹਾ ਮੈਜਿਸਟਰੇਟ ਦਫਤਰ ਵੱਲੋਂ ਸੋਮਵਾਰ ਰਾਤ ਨੂੰ ਕਰਫਿਊ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਦਰਅਸਲ, ਪ੍ਰਸ਼ਾਸਨ ਨੂੰ ਜਾਣਕਾਰੀ ਮਿਲੀ ਹੈ ਕਿ ਕੁਝ ਸਮੂਹ 5 ਅਗਸਤ ਨੂੰ ਕਾਲਾ ਦਿਵਸ ਮਨਾਉਣ ਦੀ ਤਿਆਰੀ ਕਰ ਰਹੇ ਹਨ । ਸ੍ਰੀਨਗਰ ਵਿੱਚ ਹਿੰਸਾ ਅਤੇ ਜਾਨ-ਮਾਲ ਦੇ ਖਤਰੇ ਦੇ ਮੱਦੇਨਜ਼ਰ 2 ਦਿਨਾਂ ਦਾ ਕਰਫਿਊ ਲਗਾਇਆ ਗਿਆ ਹੈ। ਹਾਲਾਂਕਿ, ਕੋਰੋਨਾ ਦੇ ਕਾਰਨ ਖੇਤਰ ਵਿੱਚ ਪਹਿਲਾਂ ਹੀ ਬਹੁਤ ਸਾਰੀਆਂ ਪਾਬੰਦੀਆਂ ਲੱਗੀਆਂ ਹੋਈਆਂ ਹਨ।
ਦੱਸ ਦੇਈਏ ਕਿ 5 ਅਗਸਤ 2019 ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਲੱਦਾਖ ਅਤੇ ਜੰਮੂ-ਕਸ਼ਮੀਰ ਵਿੱਚ ਵੰਡ ਦਿੱਤਾ ਗਿਆ ਸੀ । ਉਸ ਸਮੇਂ ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਸਮੇਤ ਬਹੁਤੇ ਨੇਤਾਵਾਂ ਨੂੰ ਨਜ਼ਰਬੰਦ ਕਰ ਲਿਆ ਗਿਆ । ਉਨ੍ਹਾਂ ਵਿਚੋਂ ਕਈ ਨੇਤਾਵਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਜਦਕਿ ਕੁਝ ਅਜੇ ਵੀ ਹਿਰਾਸਤ ਵਿੱਚ ਹਨ। ਹਾਲ ਹੀ ਵਿੱਚ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਨਜ਼ਰਬੰਦੀ ਵਿੱਚ ਤਿੰਨ ਮਹੀਨਿਆਂ ਦਾ ਵਾਧਾ ਕੀਤਾ ਗਿਆ ਸੀ ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਧਾਰਾ 370 ਹਟਾ ਦਿੱਤੀ ਗਈ ਸੀ, ਮਹਿਬੂਬਾ ਮੁਫਤੀ ਨੂੰ ਉਸ ਦਿਨ ਅੱਧੀ ਰਾਤ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ । ਚੋਟੀ ਦੇ ਨੇਤਾਵਾਂ ਵਿਚੋਂ ਸਿਰਫ ਮਹਿਬੂਬਾ ਮੁਫਤੀ ਹੀ ਬਚੀ ਹੈ ਜੋ ਅਜੇ ਤੱਕ ਨਜ਼ਰਬੰਦ ਹੈ । ਉਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਅਤੇ ਉਮਰ ਅਬਦੁੱਲਾ ਨੂੰ ਰਿਹਾਅ ਕੀਤਾ ਜਾ ਚੁੱਕਿਆ ਹੈ। ਫਾਰੂਕ ਨੂੰ 15 ਮਾਰਚ ਨੂੰ ਰਿਹਾਅ ਕੀਤਾ ਗਿਆ ਸੀ। ਉਸੇ ਸਮੇਂ ਉਮਰ ਨੂੰ 10 ਦਿਨਾਂ ਬਾਅਦ 25 ਮਾਰਚ ਨੂੰ ਰਿਹਾਅ ਕੀਤਾ ਗਿਆ ਸੀ।