ਸੁਪਰੀਮ ਕੋਰਟ ਆਬਾਕਰੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਨੂੰ ਲੈ ਕੇ 10 ਮਈ ਨੂੰ ਆਪਣਾ ਹੁਕਮ ਸੁਣਾਏਗਾ। ਗ੍ਰਿਫਤਾਰੀ ਖਿਲਾਫ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਬੈਂਚ ਦੀ ਅਗਵਾਈ ਕਰਨ ਵਾਲੇ ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ ਅਸੀਂ ਸ਼ੁੱਕਰਵਾਰ ਨੂੰ ਅੰਤਰਿਮ ਜ਼ਮਾਨਤ ‘ਤੇ ਫੈਸਲਾ ਸੁਣਾਵਾਂਗੇ। ਗ੍ਰਿਫਤਾਰੀ ਨੂੰ ਚੁਣੌਤੀ ਦੇਣ ਨਾਲ ਜੁੜੇ ਮਾਮਲੇ ‘ਤੇ 10 ਮਈ ਨੂੰ ਸੁਣਵਾਈ ਹੋਵੇਗੀ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਸੁਣਵਾਈ ਦੌਰਾਨ ਅੰਤਰਿਮ ਜ਼ਮਾਨਤ ਦੇਣ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬੈਂਚ ਨੇ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਤੇ ਵਧੀਕ ਸਾਲਿਸਟਰ ਜਨਰਲ (ਏਐੱਸਜੀ) ਐੱਸਵੀ ਰਾਜੂ ਦੀਆਂ ਦਲੀਲਾਂ ਸੁਣਨ ਦੇ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਸਿੰਘਵੀ ਕੇਜਰੀਵਾਲ ਵੱਲੋਂ ਤੇ ਰਾਜੂ ਈਡੀ ਵੱਲੋਂ ਪੇਸ਼ ਹੋਏ ਸਨ।
ਈਡੀ ਵੱਲੋਂ ਪੇਸ਼ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਲੋਕ ਸਭਾ ਚੋਣਾਂ ਕਾਰਨ ਕੇਜਰੀਵਾਲ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦਿਖਾਉਣ ਦਾ ਸਖਤ ਵਿਰੋਧ ਕੀਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਨੂੰ ਅੰਤਰਿਮ ਜ਼ਮਾਨਤ ਦੇਣਾ ਨੇਤਾਵਾਂ ਲਈ ਇਕ ਵੱਖ ਸ਼੍ਰੇਣੀ ਬਣਾਉਣ ਵਾਂਗ ਹੋਵੇਗਾ।
ਇਹ ਵੀ ਪੜ੍ਹੋ : ਜ਼ੀਰਾ : ਮਿੱਟੀ ਨਾਲ ਭਰੀ ਟਰਾਲੀ ਨੇ ਐਕਟਿਵਾ ਸਵਾਰ ਨੂੰ ਮਾਰੀ ਟੱ/ਕਰ, ਮੌਕੇ ‘ਤੇ ਮੌ/ਤ
ਬੈਂਚ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ ‘ਤੇ ਸੁਣਵਾਈ ਨੂੰ ਦੋ ਹਿੱਸਿਆਂ ‘ਚ ਵੰਡ ਦਿੱਤਾ ਹੈ। ਕੇਜਰੀਵਾਲ ਦੀ ਮੁੱਖ ਪਟੀਸ਼ਨ ਈਡੀ ਦੁਆਰਾ ਉਸਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਹੈ ਅਤੇ ਇਸਨੂੰ ਗੈਰ-ਕਾਨੂੰਨੀ ਘੋਸ਼ਿਤ ਕਰਨ ਦੀ ਮੰਗ ਕਰਦੀ ਹੈ, ਜਦਕਿ ਦੂਜਾ ਪਹਿਲੂ ਚੱਲ ਰਹੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਤਰਿਮ ਜ਼ਮਾਨਤ ਦੇਣ ਨਾਲ ਸਬੰਧਤ ਹੈ। ਅਦਾਲਤ ਨੇ ਅੰਤਰਿਮ ਜ਼ਮਾਨਤ ਦੇਣ ਦੇ ਮੁੱਦੇ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: