ਰਾਜਧਾਨੀ ਦਿੱਲੀ ਵਿੱਚ ਹੀ ਨਹੀਂ ਬਲਕਿ ਦੇਸ਼ ਦੀ ਸਭ ਤੋਂ ਸੁਰੱਖਿਅਤ ਤਿਹਾੜ ਜੇਲ੍ਹ ਵਿੱਚ ਇੱਕ ਵਾਰ ਫਿਰ ਪਾਬੰਦੀਸ਼ੁਦਾ ਵਸਤੂਆਂ ਸਮੇਤ ਕਈ ਸਰਜੀਕਲ ਬਲੇਡ ਅਤੇ ਮੋਬਾਈਲ ਬਰਾਮਦ ਕੀਤੇ ਗਏ ਹਨ। ਕੁਝ ਸ਼ੱਕੀ ਗਤੀਵਿਧੀਆਂ ਨੂੰ ਦੇਖਦੇ ਹੋਏ ਜੇਲ ਪ੍ਰਸ਼ਾਸਨ ਨੇ ਤਿਹਾੜ ਦੀ ਜੇਲ ਨੰਬਰ 3 ‘ਚ ਮੁਹਿੰਮ ਚਲਾਈ ਅਤੇ ਉਥੋਂ ਇਹ ਸਾਮਾਨ ਬਰਾਮਦ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਸ਼ਾਮ ਕੇਂਦਰੀ ਜੇਲ੍ਹ ਨੰਬਰ ਤਿੰਨ ਵਿੱਚ ਤਲਾਸ਼ੀ ਮੁਹਿੰਮ ਦੀ ਇਹ ਕਾਰਵਾਈ ਕੀਤੀ ਗਈ। ਜਿਸ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਛਾਪਾ ਮਾਰ ਕੇ 23 ਸਰਜੀਕਲ ਬਲੇਡ, ਨਸ਼ੀਲੀਆਂ ਗੋਲੀਆਂ, ਦੋ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਕੁਝ ਹੋਰ ਪਾਬੰਦੀਸ਼ੁਦਾ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ। ਤਿਹਾੜ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਕੈਦੀਆਂ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ ‘ਤੇ ਜੇਲ੍ਹ ਅਧਿਕਾਰੀਆਂ ਨੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ। ਜਿਸ ‘ਤੇ ਛਾਪੇਮਾਰੀ ਦੀ ਕਾਰਵਾਈ ਕੀਤੀ ਗਈ। ਸ਼ੱਕੀ ਕੈਦੀਆਂ ਦੀ ਨਿੱਜੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਸਰਜੀਕਲ ਬਲੇਡ, ਮੋਬਾਈਲ, ਸਿਮ ਕਾਰਡ ਆਦਿ ਬਰਾਮਦ ਹੋਏ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਇਸ ਮਾਮਲੇ ਦੀ ਹੋਰ ਜਾਂਚ ਦੌਰਾਨ ਜੇਲ ਪ੍ਰਸ਼ਾਸਨ ਨੂੰ ਪਤਾ ਲੱਗਾ ਕਿ ਜੇਲ ਦੀ ਕੰਧ ਦੇ ਨਾਲ ਦੂਜੀ ਜੇਲ ਵਾਲੇ ਪਾਸੇ ਤੋਂ ਕੁਝ ਪੈਕਟ ਸੁੱਟੇ ਗਏ ਸਨ। ਜਾਂਚ ‘ਚ ਪੈਕੇਟ ਸੁੱਟਣ ਵਾਲੇ ਕੈਦੀ ਦੀ ਪਛਾਣ ਹੋਣ ਤੋਂ ਬਾਅਦ ਇਸ ਦੀ ਜਾਣਕਾਰੀ ਤਿਹਾੜ ਜੇਲ ਪ੍ਰਸ਼ਾਸਨ ਨੇ ਦਿੱਲੀ ਪੁਲਿਸ ਨੂੰ ਦੇ ਦਿੱਤੀ ਹੈ। ਤਾਂ ਜੋ ਇਸ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਦਿੱਲੀ ਦੀ ਤਿਹਾੜ ਜੇਲ੍ਹ ਸਮੇਤ ਮੰਡੋਲੀ ਤੇ ਰੋਹਿਣੀ ਜੇਲ੍ਹਾਂ ਵਿੱਚੋਂ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਹੋਈਆਂ ਸਨ। ਉਦੋਂ ਤੋਂ ਹੀ ਸਮੇਂ-ਸਮੇਂ ‘ਤੇ ਜੇਲਾਂ ‘ਚ ਅਜਿਹੇ ਸਰਚ ਅਤੇ ਛਾਪੇਮਾਰੀ ਅਭਿਆਨ ਚਲਾਇਆ ਜਾ ਰਿਹਾ ਹੈ।