Tikait on tomar crowd remarks : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 90 ਵੇਂ ਦਿਨ ਵੀ ਜਾਰੀ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਪਰ ਸਿਰਫ ਭੀੜ ਇਕੱਠੀ ਕਰਨ ਨਾਲ ਕੋਈ ਕਾਨੂੰਨ ਰੱਦ ਨਹੀਂ ਕੀਤਾ ਜਾਵੇਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਦੱਸਣ ਕੇ ਇਨ੍ਹਾਂ ਨਵੇਂ ਕਾਨੂੰਨਾਂ ਵਿੱਚ ਉਹ ਕੀ ਕਿਸਾਨ ਵਿਰੋਧੀ ਸਮਝਦੇ ਹਨ। ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਇਸ ਬਿਆਨ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਦੋਂ ਲੋਕ ਇਕੱਠੇ ਹੁੰਦੇ ਹਨ ਤਾਂ ਸਰਕਾਰਾਂ ਬਦਲ ਜਾਂਦੀਆਂ ਹਨ।
ਤੋਮਰ ਨੇ ਕਿਹਾ ਸੀ ਕਿ ਸਿਰਫ ਭੀੜ ਦੇ ਇਕੱਠੇ ਹੋਣ ਕਾਰਨ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਟਿਕੈਤ ਨੇ ਚੇਤਾਵਨੀ ਦਿੱਤੀ ਕਿ ਜੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਸਰਕਾਰ ਲਈ ਸੱਤਾ ਵਿੱਚ ਬਣੇ ਰਹਿਣਾ ਵੀ ਮੁਸ਼ਕਿਲ ਹੋਵੇਗਾ। ਸੋਨੀਪਤ ਜ਼ਿਲ੍ਹੇ ਦੇ ਖਰਖੋਦਾਂ ਦੀ ਅਨਾਜ ਮੰਡੀ ਵਿੱਚ ਕਿਸਾਨ ਮਹਾਪੰਚਾਇਤ ਵਿੱਚ, ਟਿਕੈਤ ਨੇ ਕਿਹਾ ਕਿ ਜਦੋਂ ਤੱਕ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਨਹੀਂ ਲਿਆ ਜਾਂਦਾ ਉਦੋਂ ਤੱਕ ਕਿਸਾਨੀ ਕਿਸਾਨ ਅੰਦੋਲਨ ਜਾਰੀ ਰਹੇਗਾ। ਜਵਾਬੀ ਕਾਰਵਾਈ ਕਰਦਿਆਂ ਟਿਕੈਤ ਨੇ ਮਹਾਂ ਪੰਚਾਇਤ ਵਿੱਚ ਕਿਹਾ, “ਸਿਆਸਤਦਾਨ ਕਹਿ ਰਹੇ ਹਨ ਕਿ ਭੀੜ ਇਕੱਠੀ ਹੋਣ ਨਾਲ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਨਹੀਂ ਲਿਆ ਜਾ ਸਕਦਾ। ਜਦੋਂ ਕਿ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਭੀੜ ਵਿੱਚ ਸੱਤਾ ਬਦਲਣ ਦੀ ਤਾਕਤ ਹੈ। ਇਹ ਵੱਖਰੀ ਗੱਲ ਹੈ ਕਿ ਕਿਸਾਨਾਂ ਨੇ ਸਿਰਫ ਕਾਨੂੰਨ ਵਾਪਿਸ ਲੈਣ ਦੀ ਗੱਲ ਕਹੀ ਹੈ, ਸੱਤਾ ਵਾਪਿਸ ਲੈਣ ਦੀ ਨਹੀਂ।”