Tractor set on fire: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਬਿੱਲਾਂ ਦੇ ਵਿਰੁੱਧ ਦੇਸ਼ ਵਿੱਚ ਪ੍ਰਦਰਸ਼ਨ ਰੁਕਿਆ ਨਹੀਂ ਹੈ। ਦਿੱਲੀ, ਹਰਿਆਣਾ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਵਰਗੇ ਖੇਤਰ ਇਸ ਦੇ ਵਿਆਪਕ ਪ੍ਰਭਾਵ ਨੂੰ ਦੇਖਣ ਨੂੰ ਮਿਲ ਰਹੇ ਹਨ। ਸੋਮਵਾਰ ਸਵੇਰੇ ਵੀ ਦੇਸ਼ ਦੀ ਰਾਜਧਾਨੀ ਦਿੱਲੀ ਦੇ ਦਿਲ ਕਹੇ ਜਾਣ ਵਾਲੇ ਰਾਜਪਥ ‘ਤੇ ਬਿੱਲ ਦੇ ਵਿਰੋਧ ਵਿੱਚ ਗੁੱਸਾ ਦੇਖਣ ਨੂੰ ਮਿਲਿਆ । ਇੱਥੇ ਕਾਂਗਰਸੀ ਵਰਕਰਾਂ ਨੇ ਇੱਕ ਟਰੈਕਟਰ ਨੂੰ ਅੱਗ ਲਾ ਦਿੱਤੀ ਅਤੇ ਖੇਤੀਬਾੜੀ ਬਿੱਲਾਂ ਦਾ ਵਿਰੋਧ ਕੀਤਾ।
ਦਰਅਸਲ, ਖੇਤੀ ਬਿੱਲਾਂ ਦਾ ਵਿਰੋਧ ਕਰਨ ਰਹੇ ਕੁਝ ਕਾਂਗਰਸੀ ਵਰਕਰ ਸੋਮਵਾਰ ਸਵੇਰੇ ਇੱਕ ਟਰੈਕਟਰ ਲੈ ਕੇ ਰਾਜਪਥ ਪਹੁੰਚੇ । ਇੱਥੇ ਇੰਡੀਆ ਗੇਟ ਨੇੜੇ ਉਨ੍ਹਾਂ ਨੇ ਖੇਤੀਬਾੜੀ ਬਿੱਲ ਦਾ ਵਿਰੋਧ ਕਰਦਿਆਂ ਟਰੈਕਟਰ ਨੂੰ ਅੱਗ ਲਾ ਦਿੱਤੀ । ਤੁਰੰਤ ਮੌਕੇ ‘ਤੇ ਪਹੁੰਚ ਕੇ ਟ੍ਰੈਫਿਕ ਪੁਲਿਸ ਅਤੇ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ।
ਇਸ ਸਬੰਧੀ ਦਿੱਲੀ ਪੁਲਿਸ ਨੇ ਦੱਸਿਆ ਕਿ ਸਵੇਰੇ 7.15 ਵਜੇ ਦੇ ਕਰੀਬ 15-20 ਲੋਕ ਇੰਡੀਆ ਗੇਟ ਨੇੜੇ ਆਏ ਅਤੇ ਟਰੈਕਟਰ ਨੂੰ ਅੱਗ ਲਾ ਦਿੱਤੀ । ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਈ ਅਤੇ ਟਰੈਕਟਰ ਨੂੰ ਉਥੋਂ ਹਟਾ ਦਿੱਤਾ। ਹੁਣ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਸੀਸੀਟੀਵੀ ਦੀ ਮਦਦ ਨਾਲ ਟਰੈਕਟਰ ਨੂੰ ਅੱਗ ਲਾਉਣ ਵਾਲਿਆਂ ਦੇ ਚਿਹਰਿਆਂ ਨੂੰ ਪਹਿਚਾਣ ਰਹੀ ਹੈ । ਪੁਲਿਸ ਦਾ ਲਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਤਿੰਨ ਖੇਤੀਬਾੜੀ ਬਿੱਲਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਮਿਲ ਗਈ ਹੈ, ਯਾਨੀ ਇਹ ਬਿੱਲ ਹੁਣ ਕਾਨੂੰਨ ਬਣ ਗਏ ਹਨ । ਹਾਲਾਂਕਿ, ਇਸ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਾਂਗਰਸ ਸਮੇਤ ਵਿਰੋਧੀ ਧਿਰ ਦੀਆਂ ਕਈ ਪਾਰਟੀਆਂ ਕਾਨੂੰਨ ਦਾ ਵਿਰੋਧ ਕਰ ਰਹੀਆਂ ਹਨ। ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਮਿਲ ਕੇ ਬਿੱਲ ‘ਤੇ ਦਸਤਖਤ ਨਾ ਕਰਨ ਦੀ ਅਪੀਲ ਕੀਤੀ ਸੀ, ਪਰ ਅਜਿਹਾ ਨਹੀਂ ਹੋਇਆ ।