Union agriculture minister urges farmers : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 30 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਕਿਸਾਨਾਂ ਦੇ ਅੰਦੋਲਨ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ।
ਇਸ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀ ਪੰਜਾਬ ਦੇ ਕਿਸਾਨਾਂ ਨੂੰ ਅੰਦੋਲਨ ਨੂੰ ਖਤਮ ਕਰਨ ਅਤੇ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਤੋਮਰ, ਜੋ 40 ਕਿਸਾਨ ਯੂਨੀਅਨਾਂ ਨਾਲ ਗੱਲਬਾਤ ਦੀ ਅਗਵਾਈ ਕਰ ਰਹੇ ਹਨ, ਨੇ ਉਮੀਦ ਜਤਾਈ ਕਿ ਕਿਸਾਨ ਇਨ੍ਹਾਂ ਤਿੰਨਾਂ ਕਾਨੂੰਨਾਂ ਦੀ ਮਹੱਤਤਾ ਨੂੰ ਸਮਝਣਗੇ ਅਤੇ ਇਸ ਅੰਦੋਲਨ ਨੂੰ ਖਤਮ ਕਰਨ ਦਾ ਹੱਲ ਲੱਭਣ ਲਈ ਸਰਕਾਰ ਨਾਲ ਗੱਲਬਾਤ ਕਰਨਗੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਮਨਾਂ ਵਿੱਚ ਕੁੱਝ ਗਲਤ ਧਾਰਨਾ ਹੈ। ਉਨ੍ਹਾਂ ਕਿਹਾ, “ਮੈਂ ਉਨ੍ਹਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨ ਛੱਡ ਕੇ ਗੱਲਬਾਤ ਲਈ ਅੱਗੇ ਆਉਣ। ਮੈਨੂੰ ਉਮੀਦ ਹੈ ਕਿ ਕਿਸਾਨ ਨਵੇਂ ਕਾਨੂੰਨਾਂ ਦੀ ਮਹੱਤਤਾ ਨੂੰ ਸਮਝਣਗੇ ਅਤੇ ਕਿਸੇ ਹੱਲ ‘ਤੇ ਪਹੁੰਚਣਗੇ।”