Union Cabinet meeting: ਨਵੀਂ ਦਿੱਲੀ: ਚੀਨ ਨਾਲ ਤਣਾਅ, ਕੋਰੋਨਾ ਵਾਇਰਸ ਦੀ ਲਾਗ ਅਤੇ ਕਈ ਰਾਜਾਂ ਵਿੱਚ ਹੜ੍ਹ ਵਰਗੀ ਸਥਿਤੀ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ 7 ਲੋਕ ਕਲਿਆਣ ਮਾਰਗ ਵਿਖੇ ਇੱਕ ਕੈਬਨਿਟ ਮੀਟਿੰਗ ਆਯੋਜਿਤ ਕੀਤੀ ਜਾ ਰਹੀ ਹੈ । ਕੇਂਦਰੀ ਮੰਤਰੀ ਮੰਡਲ ਦੀ ਇਸ ਬੈਠਕ ਵਿੱਚ ਸਵੈ-ਨਿਰਭਰ ਭਾਰਤ ਦੇ ਦੋ ਪੈਕੇਜਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੰਬਰ ਤੱਕ ਗਰੀਬਾਂ ਨੂੰ ਮੁਫਤ ਅਨਾਜ ਦੇਣ ਦਾ ਵਾਅਦਾ ਕੀਤਾ ਹੈ, ਇਸ ਯੋਜਨਾ ਨੂੰ ਅੱਜ ਕੈਬਨਿਟ ਵੱਲੋਂ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਕੈਬਨਿਟ ਦੀ ਬੈਠਕ ਤੋਂ ਪਹਿਲਾਂ ਕੈਬਨਿਟ ਕਮੇਟੀ ਆਨ ਸਕਿਊਰਿਟੀ ਦੀ ਬੈਠਕ ਹੋਵੇਗੀ, ਇਸ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਮੌਜੂਦ ਹੋਣਗੇ । ਇਸ ਬੈਠਕ ਵਿੱਚ ਚੀਨ ਨਾਲ ਤਣਾਅ, ਗਲਵਾਨ ਤੋਂ ਦੋਵਾਂ ਦੇਸ਼ਾਂ ਦੀ ਫੌਜ ਵਾਪਸ ਲੈਣ ਅਤੇ ਹੋਰ ਸੁਰੱਖਿਆ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ ।
ਦੱਸ ਦੇਈਏ ਕਿ ਲਾਕਡਾਊਨ ਅਤੇ ਕੋਰੋਨਾ ਸੰਕਟ ਵਿਚਕਾਰ ਨਰਿੰਦਰ ਮੋਦੀ ਸਰਕਾਰ ਨੇ ਇਸ ਸਾਲ ਨਵੰਬਰ ਤੱਕ 80 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਦੇਣ ਦਾ ਐਲਾਨ ਕੀਤਾ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਇਸਦੀ ਘੋਸ਼ਣਾ ਕੀਤੀ ਹੈ । ਇਹ ਰਾਸ਼ਨ ਪਹਿਲਾਂ ਹੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਗਰੀਬਾਂ ਵਿੱਚ ਵੰਡਿਆ ਜਾ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਸੰਕ੍ਰਮਣ ਤੋਂ ਬਾਅਦ ਮਾਰਚ ਮਹੀਨੇ ਵਿੱਚ ਹੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ ਅਧੀਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਦਾ ਐਲਾਨ ਕੀਤਾ ਗਿਆ ਸੀ । ਸਰਕਾਰ ਇਸ ਯੋਜਨਾ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਗਰੀਬਾਂ ਨੂੰ ਮੁਫਤ ਰਾਸ਼ਨ ਵੰਡ ਰਹੀ ਹੈ । ਗ਼ਰੀਬਾਂ ‘ਤੇ ਲਾਕਡਾਊਨ ਦੇ ਮਾੜੇ ਪ੍ਰਭਾਵ ਦੇ ਮੱਦੇਨਜ਼ਰ ਸਰਕਾਰ ਨੇ ਇਸ ਯੋਜਨਾ ਨੂੰ ਨਵੰਬਰ ਤੱਕ ਵਧਾ ਦਿੱਤਾ ਹੈ।