Union Minister big statement: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 34ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋਵੇਗੀ। ਅੱਜ ਦੁਪਹਿਰ 2 ਵਜੇ ਕਿਸਾਨਾਂ ਦੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਹੋਵੇਗੀ।
ਸਰਕਾਰ ਤੇ ਕਿਸਾਨਾਂ ਵਿਚਾਲੇ ਹੋਣ ਵਾਲੀ ਗੱਲਬਾਤ ਤੋਂ ਪਹਿਲਾਂ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦਾ ਬਿਆਨ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅੱਜ ਹੀ ਕਿਸਾਨ ਅੰਦੋਲਨ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਖੁੱਲ੍ਹੇ ਮਨ ਨਾਲ ਗੱਲ ਕਰ ਰਹੀ ਹੈ, ਜੋ ਵੀ ਸੁਝਾਅ ਆਉਣਗੇ ਉਨ੍ਹਾਂ ‘ਤੇ ਵਿਚਾਰ ਕੀਤਾ ਜਾਵੇਗਾ।
ਉੱਥੇ ਹੀ ਦੂਜੇ ਪਾਸੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਕਿਸਾਨ ਨੇਤਾ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਰਕਾਰ ਕਾਨੂੰਨ ਵਾਪਿਸ ਨਹੀਂ ਲਵੇਗੀ ਤਾਂ ਪ੍ਰਦਰਸ਼ਨ ਵੀ ਖਤਮ ਨਹੀਂ ਹੋਵੇਗਾ। ਸਰਕਾਰ ਨੂੰ ਕਾਨੂੰਨ ਵਾਪਿਸ ਲੈਣਾ ਹੀ ਪਵੇਗਾ, ਸੋਧਾਂ ‘ਤੇ ਗੱਲ ਨਹੀਂ ਬਣੇਗੀ।
ਦੱਸ ਦੇਈਏ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬੁੱਧਵਾਰ ਨੂੰ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਪ੍ਰਤੀ ਅਸੰਵੇਦਨਸ਼ੀਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ । ਸਾਡੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਸ ਨਾਲ ਸਿਰਫ਼ ਮੈਂ ਹੀ ਉਦਾਸ ਨਹੀਂ, ਬਲਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਦੁਖੀ ਹਨ । ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਨੇ ਕਿਸਾਨਾਂ ਵਿੱਚ ਗਲਤਫਹਿਮੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੀ ਕਿਸਾਨਾਂ ਨੂੰ ਬੇਨਤੀ ਹੈ ਕਿ ਖੰਡ-ਵਾਰ ਵਿਚਾਰ-ਵਟਾਂਦਰੇ ਕੀਤੇ ਜਾਣੇ ਚਾਹੀਦੇ ਹਨ ਅਤੇ ਇਹ ਸਿਰਫ ਹਾਂ ਜਾਂ ਨਹੀਂ ਵਿੱਚ ਨਹੀਂ ਹੋਣੀ ਚਾਹੀਦੀ। ਅਸੀਂ ਜਲਦੀ ਹੀ ਇਸਦਾ ਹੱਲ ਲੱਭਣ ਦੀ ਕੋਸ਼ਿਸ਼ ਕਰਾਂਗੇ।
ਇਹ ਵੀ ਦੇਖੋ: ਲਓ ਜੀ ਹੁਣ ਕਿਸਾਨਾਂ ਨੂੰ ਠੰਢ ਤੋਂ ਬਚਾਉਣ ਲਈ ਦੇਖੋ ਕਿਸ ਚੀਜ਼ ਦਾ ਲਾਇਆ ਗਿਆ ਐ ਲੰਗਰ……