ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ । ਇਸ ਘਟਨਾ ਤੋਂ ਬਾਅਦ ਸਿਆਸਤ ਵੀ ਕਾਫ਼ੀ ਗਰਮਾ ਗਈ ਹੈ।
ਜਿਸਦੇ ਮੱਦੇਨਜ਼ਰ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਨ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਲਖੀਮਪੁਰ ਖੀਰੀ ਦਾ ਦੌਰਾ ਕਰਨਾ ਸੀ। ਪਰ ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਹੀ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਕੁਝ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ।
ਦਰਅਸਲ, ਮੰਤਰੀਆਂ ਦੇ ਦੌਰੇ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਵੱਲੋਂ ਲਖਨਊ ਹਵਾਈ ਅੱਡੇ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ । ਇਨ੍ਹਾਂ ਆਦੇਸ਼ਾਂ ਅਨੁਸਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਉਤਰਨ ਦੀ ਆਗਿਆ ਨਾ ਦੇਣ ਲਈ ਕਿਹਾ ਗਿਆ ਹੈ ।
ਦੱਸ ਦੇਈਏ ਕਿ ਇਸ ਦੌਰੇ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹੱਤਿਆ ਕਾਰਨ ਪੈਦਾ ਹੋਈ ਸਥਿਤੀ ਦਾ ਮੌਕੇ ‘ਤੇ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਟੀਮ ਦੇ ਨਾਲ ਯੂਪੀ ਦੇ ਲਖੀਮਪੁਰ ਖੀਰੀ ਦਾ ਦੌਰਾ ਕਰਨ ਜਾ ਰਿਹਾ ਹਾਂ। ਮੈਂ ਸਾਰਿਆਂ ਨੂੰ ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਮੈਂ ਇਹ ਯਕੀਨੀ ਬਣਾਵਾਂਗਾ ਕਿ ਦੋਸ਼ੀ ਨੂੰ ਸਜ਼ਾ ਮਿਲੇਗੀ।