Uttar Pradesh extends Covid 19 lockdown: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਕੋਰੋਨਾ ਮਾਮਲਿਆਂ ‘ਤੇ ਕਾਬੂ ਪਾਉਣ ਲਈ ਯੋਗੀ ਸਰਕਾਰ ਵੱਲੋਂ ਰਾਜ ਵਿੱਚ ਇੱਕ ਵਾਰ ਫਿਰ ਲਾਕਡਾਊਨ ਵਧਾਉਣ ਦਾ ਐਲਾਨ ਕੀਤਾ ਗਿਆ ਹੈ।
ਦਰਅਸਲ, ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਯੋਗੀ ਸਰਕਾਰ ਵੱਲੋਂ ਉੱਤਰ ਪ੍ਰਦੇਸ਼ ਵਿੱਚ ਇੱਕ ਵਾਰ ਵੀਕਐਂਡ ਕਰਫਿਊ ਨੂੰ 17 ਮਈ ਸਵੇਰੇ 7 ਵਜੇ ਤੱਕ ਵਧਾ ਦਿੱਤਾ ਗਿਆ ਹੈ। ਇਸ ਦੌਰਾਨ ਸਾਰੀਆਂ ਪਾਬੰਦੀਆਂ ਪਹਿਲਾਂ ਦੀ ਤਰ੍ਹਾਂ ਲਾਗੂ ਰਹਿਣਗੀਆਂ। ਇਸ ਦੌਰਾਨ ਸਿਰਫ਼ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ। ਬਿਨ੍ਹਾ ਕਿਸੇ ਵਜ੍ਹਾ ਦੇ ਘੁੰਮਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਗੌਰਤਲਬ ਹੈ ਕਿ ਸਰਕਾਰ ਵੱਲੋਂ ਇਹ ਕਦਮ ਪੰਚਾਇਤੀ ਚੋਣਾਂ ਪੂਰੀ ਹੋਣ ਤੋਂ ਬਾਅਦ ਵੱਧ ਰਹੇ ਸੰਕ੍ਰਮਣ ਦੇ ਖਤਰੇ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਐਤਵਾਰ ਨੂੰ ਜਾਣਕਾਰੀ ਦਿੰਦੇ ਹੋਏ ਯੂਪੀ ਦੇ ਵਧੀਕ ਮੁੱਖ ਸਕੱਤਰ ਜਾਣਕਾਰੀ ਨਵਨੀਤ ਸਹਿਗਲ ਨੇ ਦੱਸਿਆ ਕਿ ਕੋਰੋਨਾ ਕਰਫਿਊ ਨੂੰ 17 ਮਈ ਤੱਕ ਵਧਾ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਯੂਪੀ ਵਿੱਚ 14 ਮਈ ਨੂੰ ਈਦ ਦਾ ਤਿਉਹਾਰ ਵੀ ਹੈ, ਅਜਿਹੇ ਵਿੱਚ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਸੇ ਤਰ੍ਹਾਂ ਦਾ ਖਤਰਾ ਨਾ ਲੈਂਦੇ ਹੋਏ ਪਾਬੰਦੀ ਨੂੰ 17 ਮਈ ਤੱਕ ਵਧਾਇਆ ਗਿਆ ਹੈ । ਸਰਕਾਰ ਦੇ ਫੈਸਲੇ ਤੋਂ ਬਾਅਦ ਇਸ ਸਬੰਧੀ ਜਾਣਕਾਰੀ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।
ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਉੱਤਰ ਪ੍ਰਦੇਸ਼ ਵਿੱਚ 26,847 ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਰਾਜ ਵਿੱਚ ਕੋਵਿਡ ਦੇ ਕੁੱਲ ਸਰਗਰਮ ਮਾਮਲੇ ਹੁਣ 2,45,736 ਹਨ । ਪਿਛਲੇ 24 ਘੰਟਿਆਂ ਵਿੱਚ ਯੂਪੀ ਵਿੱਚ 2,23,155 ਟੈਸਟ ਹੋਏ ਹਨ । ਰਾਜ ਵਿੱਚ ਟੈਸਟਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।