Uttarakhand glacier burst : ਉੱਤਰਾਖੰਡ ਵਿੱਚ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਵਿਚਕਾਰ ਹੁਣ ਇੱਕ ਹੋਰ ਮੁਸੀਬਤ ਖੜ੍ਹੀ ਹੋ ਗਈ ਹੈ। ਦਰਅਸਲ ਭਾਰਤ-ਚੀਨ ਸਰਹੱਦ ਨੇੜੇ ਰਾਜ ਦੀ ਨੀਤੀ ਘਾਟੀ ਵਿੱਚ ਸੁਮਨਾ ਵਿੱਚ ਗਲੇਸ਼ੀਅਰ ਟੁੱਟਣ ਦੀ ਖਬਰ ਮਿਲੀ ਹੈ। ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਇੱਕ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਬੀ.ਆਰ.ਓ. ਨਾਲ ਨਿਰੰਤਰ ਸੰਪਰਕ ਵਿੱਚ ਹਨ। ਸੀਐਮ ਰਾਵਤ ਦੇ ਅਨੁਸਾਰ, ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਮਾਮਲੇ ਬਾਰੇ ਪੂਰੀ ਜਾਣਕਾਰੀ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਲ ਹੀ ਐਨਟੀਪੀਸੀ ਅਤੇ ਹੋਰ ਪ੍ਰਾਜੈਕਟਾਂ ਵਿੱਚ ਰਾਤ ਨੂੰ ਕੰਮ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਇਸ ਘਟਨਾ ਬਾਰੇ ਗੱਲ ਕੀਤੀ ਗਈ ਹੈ, ਉਨ੍ਹਾਂ ਨੇ ਮਦਦ ਦਾ ਭਰੋਸਾ ਦਿੱਤਾ ਹੈ।
ਇਸ ਦੇ ਨਾਲ ਹੀ ਰਾਜ ਦੇ ਡੀਜੀਪੀ ਅਸ਼ੋਕ ਕੁਮਾਰ ਨੇ ਗਲੇਸ਼ੀਅਰ ਦੇ ਟੁੱਟਣ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਫਿਲਹਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਖਰਾਬ ਮੌਸਮ ਦੇ ਕਾਰਨ, ਸਹੀ ਸਥਿਤੀ ਦਾ ਅਜੇ ਪਤਾ ਨਹੀਂ ਲਗ ਸਕਿਆ ਹੈ। ਸਥਿਤੀ ਦਾ ਜਾਇਜ਼ਾ ਲੈਣ ਲਈ ਟੀਮਾਂ ਭੇਜੀਆਂ ਗਈਆਂ ਹਨ। ਓਨਾ ਨੇ ਦੱਸਿਆ ਕਿ ਆਈਟੀਬੀਪੀ ਦੇ ਜਵਾਨ ਸੁਰੱਖਿਅਤ ਹਨ।