ਦਿੱਲੀ ਦੀਆ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਚੁੱਕਾ ਹੈ। ਇਸ ਦੌਰਾਨ ਹੁਣ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਦੀਆ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ।
ਕਿਸਾਨਾਂ ਵੱਲੋਂ ਅੱਜ ਮੁਜੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਹੋ ਰਹੀ ਹੈ। ਇਸ ਮਹਾਪੰਚਾਇਤ ਵਿੱਚ ਲੱਖਾਂ ਦੀ ਤਾਦਾਦ ਵਿੱਚ ਕਿਸਾਨ ਪਹੁੰਚੇ ਹਨ। ਇਸ ਵਿਚਾਲੇ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਸਾਨਾਂ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਦਾ ਘਿਰਾਓ ਕੀਤਾ ਹੈ। ਉਨ੍ਹਾਂ ਨੇ ਕਿਸਾਨ ਮਹਾਪੰਚਾਇਤ ਦਾ ਸਮਰਥਨ ਕਰਦਿਆਂ ਕਿਸਾਨਾਂ ਦੇ ਦਰਦ ਨੂੰ ਸਮਝਣ ਦੀ ਅਪੀਲ ਕੀਤੀ ਹੈ।
ਦਰਅਸਲ, ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਟਵਿੱਟਰ ‘ਤੇ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਮੁਜ਼ੱਫਰਨਗਰ ਵਿੱਚ ਅੱਜ ਲੱਖਾਂ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਹ ਸਾਡਾ ਹੀ ਖੂਨ ਹਨ। ਸਾਨੂੰ ਉਨ੍ਹਾਂ ਨਾਲ ਦੁਬਾਰਾ ਸਤਿਕਾਰ ਢੰਗ ਨਾਲ ਜੁੜਨ ਦੀ ਜ਼ਰੂਰਤ ਹੈ।
ਉਨ੍ਹਾਂ ਦਾ ਦਰਦ ਤੇ ਉਨ੍ਹਾਂ ਦੇ ਨਜ਼ਰੀਏ ਨੂੰ ਸਮਝੋ ਅਤੇ ਜ਼ਮੀਨ ‘ਤੇ ਪਹੁੰਚਣ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਕਰੋ। ਇਸ ਤੋਂ ਇਲਾਵਾ ਵਰੁਣ ਗਾਂਧੀ ਵੱਲੋਂ ਕਿਸਾਨ ਮਹਾਪੰਚਾਇਤ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਲੱਖਾਂ ਦੀ ਤਾਦਾਦ ਵਿੱਚ ਕਿਸਾਨ ਇਸ ਮਹਾਪੰਚਾਇਤ ਲਈ ਇਕੱਠੇ ਹੋਏ ਹਨ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕਟ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨਾਂ ਦੀ ਵਾਪਸੀ ਨਹੀਂ ਹੁੰਦੀ, ਉਦੋਂ ਤੱਕ ਕਿਸਾਨਾਂ ਦੀ ਵੀ ਘਰ ਵਾਪਸੀ ਨਹੀਂ ਹੋਵੇਗੀ।