We are ready: ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਸ਼ੁੱਕਰਵਾਰ ਨੂੰ 16ਵੇਂ ਦਿਨ ਵੀ ਲਗਾਤਾਰ ਜਾਰੀ ਹੈ। 16 ਦਿਨਾਂ ਤੋਂ, ਦਿੱਲੀ ਦੀਆ ਵੱਖ-ਵੱਖ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਕੇਂਦਰ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵਲੋਂ ਸੋਧ ਦਾ ਪ੍ਰਸਤਾਵ ਭੇਜਣ ਤੋਂ ਬਾਅਦ, ਕਿਸਾਨਾਂ ਨੇ ਇਸ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਜੇ ਸਰਕਾਰ ਕਾਨੂੰਨ ਵਾਪਿਸ ਨਹੀਂ ਲੈਂਦੀ ਤਾਂ ਉਹ ਆਪਣਾ ਵਿਰੋਧ ਤਿੱਖਾ ਕਰਨਗੇ।
ਇਸ ਸਬੰਧੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਸਾਡਾ ਪ੍ਰਸਤਾਵ ਕਿਸਾਨਾਂ ਕੋਲ ਹੈ, ਉਨ੍ਹਾਂ ਨੇ ਇਸ ਬਾਰੇ ਵਿਚਾਰ-ਵਟਾਂਦਰੇ ਕੀਤੇ ਪਰ ਸਾਨੂੰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਸਾਨੂੰ ਮੀਡੀਆ ਰਾਹੀਂ ਪਤਾ ਲੱਗਿਆ ਕਿ ਉਨ੍ਹਾਂ ਨੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਕੱਲ੍ਹ ਮੈਂ ਕਿਹਾ ਸੀ ਕਿ ਜੇ ਉਹ ਚਾਹੁੰਦੇ ਹਨ, ਤਾਂ ਅਸੀਂ ਪੱਕਾ ਪ੍ਰਸਤਾਵ ਬਾਰੇ ਗੱਲ ਕਰ ਸਕਦੇ ਹਾਂ। ਅਜੇ ਉਨ੍ਹਾਂ ਕੋਲੋਂ ਗੱਲਬਾਤ ਦਾ ਪ੍ਰਸਤਾਵ ਪ੍ਰਾਪਤ ਨਹੀਂ ਮਿਲਿਆ ਹੈ। ਜਿਵੇਂ ਹੀ ਸਾਨੂੰ ਉਨ੍ਹਾਂ ਵੱਲੋਂ ਕੋਈ ਪ੍ਰਸਤਾਵ ਪ੍ਰਾਪਤ ਹੁੰਦਾ ਹੈ ਅਸੀਂ ਤਿਆਰ ਹਾਂ ਪਰ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹਰ ਹਾਲਤ ‘ਚ 3 ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹਿਣਗੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਦਿੱਲੀ ਵੱਲ ਨੂੰ ਤਿਆਰੀ ਕੀਤੀ ਗਈ। ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਮਾਰੂ ਨੀਤੀਆਂ ਕਾਨੂੰਨਾਂ ਦੇ ਖ਼ਿਲਾਫ਼ ਅੱਜ ਇਕ ਵੱਡਾ ਜਥਾ ਦਿੱਲੀ ਵੱਲ ਨੂੰ ਰਵਾਨਾ ਹੋ ਰਿਹਾ ਹੈ ਜੋਕਿ ਪੰਜਾਬ ਦਾ ਬਾਰਡਰ ਟੱਪ ਕੇ ਹੀ ਰਾਤ ਰੁਕੇਗਾ। ਅੱਜ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਕਰਨ ਤੋਂ ਬਾਅਦ ਲਗਭਗ 50 ਹਜ਼ਾਰ ਤੋਂ ਵੱਧ ਕਿਸਾਨਾਂ-ਮਜ਼ਦੂਰਾਂ ਦੇ ਜਥਿਆਂ ਨੇ ਸੈਂਕੜੇ ਟਰੈਕਟਰਾਂ-ਟਰਾਲੀਆਂ ਵਿੱਚ ਸਵਾਰ ਹੋ ਕੇ ਦਿੱਲੀ ਵੱਲ ਕੂਚ ਕੀਤਾ। ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਤੋਂ ਪਹੁੰਚੇ ਕਿਸਾਨ-ਮਜ਼ਦੂਰ ਬਿਆਸ ਪੁਲ ‘ਤੇ ਵੀ ਨਾਲ ਮਿਲਦੇ ਜਾਣਗੇ। ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਮੋਗਾ ਅਤੇ ਫਾਜਿਲਕਾ ਜਿਲ੍ਹਿਆਂ ਦੇ ਕਿਸਾਨਾਂ-ਮਜ਼ਦੂਰਾਂ ਦਾ ਜੱਥਾ ਫਿਰੋਜ਼ਪੁਰ ਤੋਂ ਰਵਾਨਾ ਹੋਵੇਗਾ।