ਦਿੱਲੀ-NCR ਸਮੇਤ ਉੱਤਰੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਬੁੱਧਵਾਰ ਦੀ ਸ਼ਾਮ ਨੂੰ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਦੇ ਅਨੁਸਾਰ, ਵੀਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈ ਸਕਦਾ ਹੈ।
ਗੁਆਂਢੀ ਦੇਸ਼ ਪਾਕਿਸਤਾਨ ਤੋਂ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸ ਕਾਰਨ ਭਾਰਤ ਦੇ ਉੱਤਰੀ ਪੱਛਮੀ, ਉੱਤਰ ਪੂਰਬ ਅਤੇ ਪੂਰਬੀ ਖੇਤਰਾਂ ਵਿੱਚ ਤਿੰਨ ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਰਾਜਸਥਾਨ, ਉੱਤਰ ਪ੍ਰਦੇਸ਼, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ਵਿੱਚ 30 ਮਾਰਚ ਤੋਂ 1 ਅਪ੍ਰੈਲ ਦਰਮਿਆਨ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਗੜੇਮਾਰੀ ਦੀ ਵੀ ਸੰਭਾਵਨਾ ਹੈ। ਦਿੱਲੀ ‘ਚ ਬੁੱਧਵਾਰ ਸ਼ਾਮ ਨੂੰ ਅਚਾਨਕ ਹੋਈ ਬਾਰਿਸ਼ ਕਾਰਨ ਹਵਾਈ ਅੱਡੇ ‘ਤੇ ਲੈਂਡਿੰਗ ਲਈ ਜਹਾਜ਼ਾਂ ਨੂੰ ਕਾਫੀ ਦੇਰ ਤੱਕ ਇੰਤਜ਼ਾਰ ਕਰਨਾ ਪਿਆ। ਖ਼ਰਾਬ ਮੌਸਮ ਕਾਰਨ ਜਹਾਜ਼ ਅਸਮਾਨ ਵਿੱਚ ਚੱਕਰ ਲਗਾਉਂਦੇ ਰਹੇ। ਕੁਝ ਫਲਾਈਟਾਂ ਨੂੰ ਲੈਂਡਿੰਗ ਲਈ ਲਗਭਗ ਇਕ ਘੰਟੇ ਤੱਕ ਇੰਤਜ਼ਾਰ ਕਰਨਾ ਪਿਆ। ਖ਼ਰਾਬ ਮੌਸਮ ਕਾਰਨ 9 ਉਡਾਣਾਂ ਨੂੰ ਜੈਪੁਰ ਵੱਲ ਮੋੜ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਉੱਤਰ ਪ੍ਰਦੇਸ਼ ‘ਚ ਵੀ ਮੌਸਮ ‘ਚ ਬਦਲਾਅ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਵੀਰਵਾਰ ਦੁਪਹਿਰ ਜਾਂ ਸ਼ਾਮ ਤੋਂ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਸ਼ੁੱਕਰਵਾਰ ਨੂੰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਸਥਿਤੀ ਸ਼ਨੀਵਾਰ ਤੱਕ ਬਣੇ ਰਹਿਣ ਦੀ ਸੰਭਾਵਨਾ ਹੈ। ਲਖਨਊ ‘ਚ 31 ਮਾਰਚ ਅਤੇ 1 ਅਪ੍ਰੈਲ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੱਛਮੀ ਗੜਬੜੀ ਸਭ ਤੋਂ ਪਹਿਲਾਂ ਰਾਜਸਥਾਨ ਨੂੰ ਪ੍ਰਭਾਵਿਤ ਕਰਨ ਜਾ ਰਹੀ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਰਾਜਸਥਾਨ ‘ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਭਵਿੱਖਬਾਣੀ ਮੁਤਾਬਕ ਪੂਰਬੀ ਰਾਜਸਥਾਨ ‘ਚ ਅੱਜ ਗਰਜ ਨਾਲ ਮੀਂਹ ਪੈ ਸਕਦਾ ਹੈ। ਤੂਫਾਨ ਦੇ ਨਾਲ-ਨਾਲ ਕਈ ਥਾਵਾਂ ‘ਤੇ ਬਿਜਲੀ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।