ਹੁਣ ਕੌਮੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਮੌਸਮ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਸੂਰਜ ਚੜ੍ਹਨ ਕਾਰਨ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਹਾਲਾਂਕਿ, ਇਸ ਦੌਰਾਨ, ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ ਅਤੇ ਆਉਣ ਵਾਲੇ 2-3 ਦਿਨਾਂ ਵਿੱਚ ਕਈ ਰਾਜਾਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, 22 ਫਰਵਰੀ ਤੱਕ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਗੜਬੜੀ ਬਣ ਰਹੀ ਹੈ, ਜਿਸ ਦਾ ਅਸਰ ਉੱਤਰ ਪ੍ਰਦੇਸ਼ ਤੋਂ ਇਲਾਵਾ ਬਿਹਾਰ ਅਤੇ ਝਾਰਖੰਡ ਵਿੱਚ ਵੀ ਦੇਖਣ ਨੂੰ ਮਿਲੇਗਾ। ਅਗਲੇ ਤਿੰਨ ਦਿਨਾਂ ਤੱਕ ਬਿਹਾਰ ਅਤੇ ਝਾਰਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ (IMD) ਮੁਤਾਬਕ ਬਾਰਸ਼ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ ਅਤੇ ਲੋਕਾਂ ਨੂੰ ਇਕ ਵਾਰ ਫਿਰ ਤੋਂ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ ਮੀਂਹ ਰੁਕਣ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ ਅਤੇ ਸੂਰਜ ਨਿਕਲਣ ਤੋਂ ਬਾਅਦ ਰਾਹਤ ਮਿਲ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਹਿਮਾਚਲ ਪ੍ਰਦੇਸ਼ ਵਿੱਚ ਇੱਕ ਸਰਗਰਮ ਪੱਛਮੀ ਗੜਬੜੀ ਦੀ ਸੰਭਾਵਨਾ ਜਤਾਈ ਹੈ। ਮੱਧ ਅਤੇ ਉੱਚ ਪਹਾੜੀ ਜ਼ਿਲ੍ਹਿਆਂ ਵਿੱਚ 18 ਅਤੇ 19 ਫਰਵਰੀ ਨੂੰ ਸ਼ਿਮਲਾ, ਸੋਲਨ, ਸਿਰਮੌਰ, ਮੰਡੀ, ਕੁੱਲੂ, ਚੰਬਾ, ਕਿਨੌਰ ਅਤੇ ਲਾਹੌਲ-ਸਪੀਤੀ ਵਿੱਚ ਕੁਝ ਥਾਵਾਂ ‘ਤੇ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਮੈਦਾਨੀ ਜ਼ਿਲ੍ਹਿਆਂ ਊਨਾ, ਬਿਲਾਸਪੁਰ, ਹਮੀਰਪੁਰ ਅਤੇ ਕਾਂਗੜਾ ਵਿੱਚ 19 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਅਗਲੇ ਦੋ ਹਫ਼ਤਿਆਂ ਲਈ ਆਪਣੀ ਭਵਿੱਖਬਾਣੀ ਵਿੱਚ, ਆਈਐਮਡੀ ਨੇ ਕਿਹਾ ਕਿ ਹਫ਼ਤੇ ਦੇ ਜ਼ਿਆਦਾਤਰ ਦਿਨਾਂ ਵਿੱਚ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਕਿਹਾ ਕਿ 24 ਫਰਵਰੀ ਤੋਂ 2 ਮਾਰਚ ਦਰਮਿਆਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ। ਅਗਲੇ ਦੋ ਹਫ਼ਤਿਆਂ ਦੌਰਾਨ ਉੱਤਰੀ ਹਿੰਦ ਮਹਾਸਾਗਰ ਵਿੱਚ ਚੱਕਰਵਾਤ ਦੀ ਕੋਈ ਸੰਭਾਵਨਾ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: