ਉੱਤਰ ਪ੍ਰਦੇਸ਼ ਸਰਕਾਰ ਨੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਹੋਏ ਹੰਗਾਮੇ ਦੀ ਜਾਂਚ ਲਈ ਇੱਕ ਮੈਂਬਰੀ ਕਮਿਸ਼ਨ ਦਾ ਗਠਨ ਕੀਤਾ ਹੈ। ਰਾਜ ਸਰਕਾਰ ਨੇ ਇਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜੱਜ ਪ੍ਰਦੀਪ ਕੁਮਾਰ ਸ੍ਰੀਵਾਸਤਵ ਨੂੰ ਸਾਰੀ ਘਟਨਾ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਹੈ।
ਸ੍ਰੀਵਾਸਤਵ ਨੂੰ ਪੂਰੇ ਮਾਮਲੇ ਦੀ ਜਾਂਚ ਰਿਪੋਰਟ ਦੋ ਮਹੀਨਿਆਂ ਦੇ ਅੰਦਰ ਪੇਸ਼ ਕਰਨ ਲਈ ਕਿਹਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਜਾਂਚ ਕਮਿਸ਼ਨ ਦੇ ਗਠਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕਮਿਸ਼ਨ ਨੂੰ ਜਾਂਚ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।
ਰਾਜਪਾਲ ਆਨੰਦੀਬੇਨ ਪਟੇਲ ਵੱਲੋਂ 6 ਅਕਤੂਬਰ ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, ‘ਜਾਂਚ ਕਮਿਸ਼ਨ ਐਕਟ, 1952 ਦੀ ਧਾਰਾ 3 ਦੇ ਤਹਿਤ, ਇਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜੱਜ ਪ੍ਰਦੀਪ ਕੁਮਾਰ ਸ਼੍ਰੀਵਾਸਤਵ ਦੇ ਅਧੀਨ ਇੱਕ ਮੈਂਬਰੀ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਇਸ ਦਾ ਮੁੱਖ ਦਫਤਰ ਲਖੀਮਪੁਰ ਵਿੱਚ ਹੋਵੇਗਾ। ਕਮਿਸ਼ਨ ਨੂੰ ਜਾਂਚ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੀ ਤਾਰੀਖ ਤੋਂ ਰਿਪੋਰਟ ਪੇਸ਼ ਕਰਨ ਲਈ ਦੋ ਮਹੀਨੇ ਦਿੱਤੇ ਜਾ ਰਹੇ ਹਨ। ਸਰਕਾਰ ਕਮਿਸ਼ਨ ਦੇ ਕਾਰਜਕਾਲ ਵਿੱਚ ਕਿਸੇ ਵੀ ਤਬਦੀਲੀ ਬਾਰੇ ਫੈਸਲਾ ਲਵੇਗੀ।