Noise Pollution Banned: ਕਪੂਰਥਲਾ : ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲਾ ਕਪੂਰਥਲਾ ਦੀ ਹੱਦ ਅੰਦਰ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰਾਂ ਦੀ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰਾਂ ਦੇ ਪਟਾਖਿਆਂ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਗੂ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁੱਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਇਸੇ ਤਰਾਂ ਗੱਡੀਆਂ ਆਦਿ ਵਿਚ ਕਿਸੇ ਤਰਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰਾਂ ਦੇ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਅਵਾਜ਼ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਹਾਰਨ, ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮੌਲਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਪਾਬੰਦੀ ਹੋਵੇਗੀ।
ਇਸੇ ਤਰਾਂ ਸਾਇਲੈਂਸ ਜ਼ੋਨ, ਜਿਵੇਂ ਕਿ ਮੰਤਰਾਲਾ, ਜੰਗਲਾਤ, ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਵੀ ਏਰੀਆ, ਜਿਹੜਾ ਕਿ ਸਮਰੱਥ ਅਧਿਕਾਰੀ ਵੱਲੋਂ ਸਾਈਲੈਂਸ ਜ਼ੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਵਿਚ ਆਤਿਸ਼ਬਾਜ਼ੀ/ਪਟਾਖਿਆਂ/ਲਾੳੂਡ ਸਪੀਕਰਾਂ/ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ ਪੈਲੇਸਾਂ ਵਿਚ ਡੀ. ਜੇ/ਆਰਕੈਸਟਰਾ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੁਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਇਆ ਜਾਵੇਗਾ। ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਲੋੜੀਂਦੀ ਮਨਜੂਰੀ ਲੈਣ ਦੇ ਬਾਵਜੂਦ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ. ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ਼ੀ ਸੀਮਾ ਸਬੰਧਤ ਜਗਾ ਦੇ ਅਵਾਜ਼ੀ ਸਟੈਂਡਰਡ ਸੀਮਾ ਤੋਂ ਵੱਧ ਨਹੀਂ ਹੋਵੇਗੀ। ਜ਼ੋਨ ਦੀ ਸ਼੍ਰੇਣੀ ਅਨੁਸਾਰ ਇੰਡਸਟ੍ਰੀਅਲ ਏਰੀਆ ਵਿਚ ਆਵਾਜ਼ੀ ਸੀਮਾ ਦਿਨ ਵੇਲੇ 75 ਡੈਸੀਬਲ ਅਤੇ ਰਾਤ ਵੇਲੇ 70 ਡੈਸੀਬਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਇਸੇ ਤਰਾਂ ਵਪਾਰਕ ਇਲਾਕੇ ਵਿਚ ਦਿਨ ਵੇਲੇ 65 ਡੈਸੀਬਲ ਅਤੇ ਰਾਤ ਵੇਲੇ 55 ਡੈਸੀਬਲ, ਰਿਹਾਇਸ਼ੀ ਇਲਾਕੇ ਵਿਚ 55 ਡੈਸੀਬਲ ਅਤੇ ਰਾਤ ਵੇਲੇ 45 ਡੈਸੀਬਲ ਅਤੇ ਸਾਈਲੈਂਸ ਜ਼ੋਨ ਵਿਚ ਦਿਨ ਵੇਲੇ 50 ਡੈਸੀਬਲ ਅਤੇ ਰਾਤ ਵੇਲੇ 40 ਡੈਸੀਬਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਸਵੇਰੇ 6 ਤੋਂ ਰਾਤ 10 ਵਜੇ ਤੱਕ ਦੇ ਸਮੇਂ ਨੂੰ ਦਿਨ ਦਾ ਸਮਾਂ ਅਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਦੇ ਸਮੇਂ ਨੂੰ ਰਾਤ ਦਾ ਸਮਾਂ ਮੰਨਿਆ ਜਾਵੇਗਾ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ। ਇਹ ਹੁਕਮ 23 ਜੁਲਾਈ 2020 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਆਵਾਜ਼ੀ ਪ੍ਰਦੂਸ਼ਣ ਨਾਲ ਹਰ ਵਰਗ ਦੇ ਵਿਅਕਤੀਆਂ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਹੈ, ਜਿਸ ਨਾਲ ਆਮ ਲੋਕਾਂ ਅਤੇ ਬੱਚਿਆਂ ਦੀ ਸਿਹਤ ਉੱਤੇ ਮਾੜਾ ਅਸਰ ਪੈਂਦਾ ਹੈ ਅਤੇ ਵਿਦਿਆਰਥੀਆਂ ਦੀ ਪੜਾਈ ਵਿਚ ਵਿਘਨ ਪੈਦਾ ਹੈ। ਇਸ ਨਾਲ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਲਈ ਆਵਾਜ਼ੀ ਪ੍ਰਦੂਸ਼ਣ ’ਤੇ ਰੋਕ ਲਗਾਉਣੀ ਜ਼ਰੂਰੀ ਹੈ।