ਹਾਲ ਹੀ ਵਿੱਚ ਲੁਧਿਆਣਾ ਵਿੱਚ ਪੌਸ਼ ਇਲਾਕੇ ਸੈਂਟਰਾ ਗ੍ਰੀਨ ਫਲੈਟਾ ਵਿੱਚ ਚੀਤੇ ਦੇ ਦਿਸਣ ਨਾਲ ਲੋਕਾਂ ਵਿੱਚ ਡਰ ਫੈਲ ਗਿਆ ਸੀ। ਹੁਣ ਕੋਟਕਪੂਰਾ ਦੇ ਪਿੰਡ ਬੀੜ ਸਿੱਖਾਂਵਾਲਾ ਦੇ ਰਿਹਾਇਸ਼ੀ ਖੇਤਰ ਵਿੱਚ ਚੀਤਾ ਦਿਸਣ ਮਗਰੋਂ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਚੀਤੇ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਹਨ। ਸੂਚਨਾ ਤੋਂ ਬਾਅਦ ਜੰਗਲਾਤ ਵਿਭਾਗ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸ਼ਾਮ ਨੂੰ ਪਿੰਡ ਦੇ ਲੋਕਾਂ ਨੇ ਚੀਤੇ ਵਰਗਾ ਜਾਨਵਰ ਦੇਖਿਆ, ਜਿਸ ਤੋਂ ਬਾਅਦ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ। ਚੀਤੇ ਦੀ ਮੌਜੂਦਗੀ ਦੇ ਸ਼ੱਕ ਤੋਂ ਬਾਅਦ ਪੁਲਿਸ ਅਤੇ ਜੰਗਲਾਤ ਵਿਭਾਗ ਨੂੰ ਸੂਚਿਤ ਕੀਤਾ ਗਿਆ। ਦੁਪਹਿਰ ਕਰੀਬ 12 ਵਜੇ ਡੀਐਸਪੀ ਕੋਟਕਪੂਰਾ ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਅਗਵਾਈ ਵਿੱਚ ਪੁਲਿਸ ਅਤੇ ਜੰਗਲਾਤ ਵਿਭਾਗ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕੀਤੀ। ਜਾਨਵਰ ਦੇ ਪੈਰਾਂ ਦੇ ਨਿਸ਼ਾਨਾਂ ਦੀ ਜਾਂਚ ਕਰਨ ਤੋਂ ਬਾਅਦ ਇਸ ਦੇ ਚੀਤੇ ਦੇ ਹੋਣ ਦੀ ਪੂਰੀ ਸੰਭਾਵਨਾ ਲੱਗ ਰਹੀ ਹੈ, ਜਿਸ ਤੋਂ ਬਾਅਦ ਪੁਲਿਸ ਅਤੇ ਜੰਗਲਾਤ ਵਿਭਾਗ ਨੇ ਇਲਾਕੇ ਵਿੱਚ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਪੁਰੋਹਿਤ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪੁਲਿਸ ਨੇ ਸਬੰਧਤ ਵਿਭਾਗ ਨੂੰ ਨਾਲ ਲੈ ਕੇ ਭਾਲ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੂੰ ਰਾਤ ਸਮੇਂ ਪੈਦਲ ਜਾਂ ਦੋਪਹੀਆ ਵਾਹਨਾਂ ‘ਤੇ ਜਾਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
ਜੰਗਲਾਤ ਗਾਰਡ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਤੋਂ ਚੀਤੇ ਦੇ ਫੜੇ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਤੋਂ ਇਹ ਚੀਤਾ ਹੋਣ ਦੀ ਸੰਭਾਵਨਾ ਜਾਪਦੀ ਹੈ ਅਤੇ ਵਿਭਾਗ ਵੱਲੋਂ ਇਸ ਨੂੰ ਰੈਸਕਿਓ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਜੰਗਲੀ ਖੇਤਰ ਦੇ ਨਾਲ ਲੱਗਦਾ ਹੈ, ਜਿਸ ਕਾਰਨ ਅਕਸਰ ਜੰਗਲੀ ਸੂਰ ਅਤੇ ਹੋਰ ਜਾਨਵਰ ਆ ਜਾਂਦੇ ਹਨ ਅਤੇ ਉਨ੍ਹਾਂ ਦੀਆਂ ਫਸਲਾਂ ਦਾ ਵੀ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜੰਗਲੀ ਜਾਨਵਰਾਂ ਤੋਂ ਬਚਾਉਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਪਹਿਲ ਦੇ ਆਧਾਰ ‘ਤੇ ਉਨ੍ਹਾਂ ਨੂੰ ਅਸਲਾ ਲਾਇਸੈਂਸ ਦਿੱਤੇ ਜਾਣ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”