ਮੁੱਖ ਮੰਤਰੀ ਭਗਵੰਤ ਮਾਨ ਨੇ ਪਰਸੋਨਲ ਵਿਭਾਗ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਜ਼ਿੰਮੇਵਾਰ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਫਿਰੋਜ਼ਪੁਰ ਰੇਂਜ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਅਤੇ ਫਿਰੋਜ਼ਪੁਰ ਦੇ ਤਤਕਾਲੀ ਐਸਐਸਪੀ ਹਰਮਨਦੀਪ ਸਿੰਘ ਹੰਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਸਰਕਾਰ ਨੇ ਸੋਮਵਾਰ ਨੂੰ ਤਤਕਾਲੀ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ, ਤਤਕਾਲੀ ਏਡੀਜੀਪੀ ਸਾਈਬਰ ਕ੍ਰਾਈਮ ਜੀ ਨਾਗੇਸ਼ਵਰ ਰਾਓ, ਤਤਕਾਲੀ ਆਈਜੀਪੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ, ਤਤਕਾਲੀ ਆਈਜੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ, ਤਤਕਾਲੀ ਡੀਆਈਜੀ ਫਰੀਦਕੋਟ ਸੁਰਜੀਤ ਸਿੰਘ ਨੂੰ ਨੋਟਿਸ ਅਤੇ ਮੋਗਾ ਦੇ ਤਤਕਾਲੀ ਐਸਐਸਪੀ ਚਰਨਜੀਤ ਸਿੰਘ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਇਨ੍ਹਾਂ IPS ਅਧਿਕਾਰੀਆਂ ਤੋਂ ਪੁੱਛਿਆ ਗਿਆ ਹੈ ਕਿ ਜਾਂਚ ਕਮੇਟੀ ਵੱਲੋਂ ਸਿਫ਼ਾਰਿਸ਼ ਕੀਤੇ ਮੁਤਾਬਕ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਜਾਂਚ ਕਮੇਟੀ ਬਣਾਈ ਗਈ ਸੀ। ਇਸ ਸਬੰਧੀ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦਾ ਕਹਿਣਾ ਹੈ ਕਿ ਅਧਿਕਾਰੀਆਂ ਨੂੰ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਗੱਲ ਸੁਣ ਕੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਚਟੋਪਾਧਿਆਏ ਸੇਵਾਮੁਕਤ ਹੋ ਚੁੱਕੇ ਹਨ। ਇੰਦਰਬੀਰ ਸਿੰਘ ਨੂੰ ਡੀਆਈਜੀ (ਪ੍ਰਸ਼ਾਸਨ) ਪੀਏਪੀ, ਫਿਲੌਰ ਅਤੇ ਹਰਮਨਦੀਪ ਹੰਸ ਨੂੰ ਏਆਈਜੀ ਕਾਊਂਟਰ-ਇੰਟੈਲੀਜੈਂਸ ਵਜੋਂ ਤਾਇਨਾਤ ਕੀਤਾ ਗਿਆ ਹੈ। ਪਿਛਲੇ ਹਫ਼ਤੇ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਜਾਰੀ ਕਰਕੇ PM ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਪੁੱਛਿਆ ਸੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ 4 ਸਮਰਥਕ ਖੰਨਾ ‘ਚ ਗ੍ਰਿਫ਼ਤਾਰ, SSP ਬੋਲੇ, ‘ਗਲਤ ਖਬਰਾਂ ਫੈਲਾਉਣ ‘ਤੇ ਹੋਵੇਗੀ ਕਰਵਾਈ”
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਜਨਵਰੀ 2022 ਨੂੰ ਪੰਜਾਬ ਦਾ ਦੌਰਾ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਕਾਰਨ PM ਮੋਦੀ ਦੇ ਕਾਫਲੇ ਨੂੰ ਫਿਰੋਜ਼ਪੁਰ ਦੇ ਇੱਕ ਪੁਲ ‘ਤੇ ਰੁਕਣਾ ਪਿਆ ਸੀ। ਇਸ ਤੋਂ ਬਾਅਦ PM ਨੂੰ ਆਪਣਾ ਪ੍ਰੋਗਰਾਮ ਰੱਦ ਕਰਕੇ ਦਿੱਲੀ ਪਰਤਣਾ ਪਿਆ। ਇਹ ਮਾਮਲਾ ਸੁਪਰੀਮ ਕੋਰਟ ਤੱਕ ਗਿਆ ਸੀ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਗਠਿਤ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: